ਸਿਹਤ ਕਾਮਿਆਂ ਨੇ ਸਰਕਾਰ ਵਿਰੁੱਧ ਸੰਘਰਸ਼ ਦਾ ਕੀਤਾ ਐਲਾਨ
ਸਿਹਤ ਕਾਮਿਆਂ ਨੇ ਸਰਕਾਰ ਵਿਰੁੱਧ ਮੀਟਿੰਗ ਵਿਚ ਸੰਘਰਸ਼ ਦਾ ਕੀਤਾ ਐਲਾਨ
Publish Date: Wed, 13 May 2026 03:55 PM (IST)
Updated Date: Wed, 13 May 2026 03:57 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਬੀਤੇ ਦਿਨ ਲੁਧਿਆਣਾ ਵਿਖੇ ਅਹਿਮ ਮੀਟਿੰਗ ਕੀਤੀ ਗਈ। ਜਥੇਬੰਦੀ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਆਉਣ ਵਾਲੇ ਦਿਨਾਂ ਵਿਚ ਸੂਬਾ ਪੱਧਰੀ ਪ੍ਰਦਰਸ਼ਨਾਂ ਅਤੇ ਭੁੱਖ ਹੜਤਾਲ ਦਾ ਫੈਸਲਾ ਲਿਆ ਹੈ। ਮੀਟਿੰਗ ਦੌਰਾਨ ਮੁੱਖ ਤੌਰ ’ਤੇ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ’ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਭਾਵੇਂ ਪਿਛਲੇ ਦਿਨੀਂ ਮੰਗਾਂ ਸਬੰਧੀ ਮੰਗ-ਪੱਤਰ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ (ਚੰਡੀਗੜ੍ਹ) ਨੂੰ ਸੌਂਪਿਆ ਗਿਆ ਸੀ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਜਥੇਬੰਦੀ ਨੇ ਸਰਕਾਰ ਦੀ ਬੇਰੁਖ਼ੀ ਦੇ ਵਿਰੋਧ ਵਿਚ 20 ਤੋਂ 22 ਮਈ ਨੂੰ ਪੰਜਾਬ ਦੇ ਸਮੂਹ ਸਿਵਲ ਸਰਜਨਾਂ ਦੇ ਦਫ਼ਤਰਾਂ ਅੱਗੇ ਰੈਲੀਆਂ ਕਰਕੇ ਦੁਬਾਰਾ ਮੰਗ-ਪੱਤਰ ਭੇਜੇ ਜਾਣਗੇ। ਜਥੇਬੰਦੀਆਂ ਦੇ ਆਗੂਆਂ ਨੇ ਆਖਿਆ ਕਿ ਜੇਕਰ ਮੰਗਾਂ ਦਾ ਨਿਪਟਾਰਾ ਨਾ ਹੋਇਆ ਤਾਂ 4 ਜੂਨ ਨੂੰ ਚੰਡੀਗੜ੍ਹ ਸਥਿਤ ਡਾਇਰੈਕਟਰ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਧਰਨੇ ਦੇ ਪਹਿਲੇ ਦਿਨ 4 ਜੂਨ ਜ਼ਿਲ੍ਹਾ ਮੋਗਾ ਅਤੇ ਫਿਰੋਜ਼ਪੁਰ ਦੇ 11-11 ਸਾਥੀ ਭੁੱਖ ਹੜਤਾਲ ’ਤੇ ਬੈਠਣਗੇ, ਜੋ ਕਿ ਅੱਗੇ ਲੜੀਵਾਰ ਜਾਰੀ ਰਹੇਗੀ। ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਆਗੂਆਂ ਨੇ ਸਮੂਹ ਮੈਂਬਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਹੁਣ ਹੱਕਾਂ ਦੀ ਲੜਾਈ ਲਈ ਮੈਦਾਨ ਵਿਚ ਨਿੱਤਰਨ ਦਾ ਸਮਾਂ ਆ ਗਿਆ ਹੈ।