ਲੂ ਦਾ ਕਹਿਰ ਤੇਜ਼, ਫਾਜ਼ਿਲਕਾ ਦੇ ਬਾਜ਼ਾਰਾਂ ’ਚ ਦੁਪਹਿਰ ਵੇਲੇ ਪਸਰਿਆ ਸੰਨਾਟਾ

ਰਿਤਿਸ਼ ਕੁੱਕੜ, ਪੰਜਾਬੀ ਜਾਗਰਣਾ,
ਫਾਜ਼ਿਲਕਾ : ਮਈ ਦੇ ਮੱਧ ਵਿੱਚ, ਫਾਜ਼ਿਲਕਾ ਵਿੱਚ ਤੇਜ਼ ਗਰਮੀ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ, ਤੇਜ਼ ਧੁੱਪ ਅਤੇ ਗਰਮ ਹਵਾਵਾਂ ਨੇ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਕਰ ਦਿੱਤਾ।
ਫਾਜ਼ਿਲਕਾ ਵਿੱਚ ਪੈ ਰਹੀ ਤਿੱਖੀ ਗਰਮੀ ਅਤੇ ਲੂ ਦੇ ਕਹਿਰ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਉੱਤਰੀ ਭਾਰਤ ਸਮੇਤ ਪੰਜਾਬ ਭਰ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਫਾਜ਼ਿਲਕਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਵੀ ਭਿਆਨਕ ਹੀਟ ਵੇਵ ਦੀ ਚਪੇਟ ਵਿੱਚ ਹਨ। ਦੁਪਹਿਰ ਸਮੇਂ ਤਿੱਖੀ ਧੁੱਪ ਅਤੇ ਲੂ ਕਾਰਨ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ।
ਹਾਲਾਤ ਇਹ ਹਨ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਸੰਨਾਟਾ ਆ ਰਿਹਾ ਹੈ। ਤਾਪਮਾਨ ਵਿੱਚ ਲਗਾਤਾਰ ਵਾਧੇ ਕਾਰਨ ਲੋਕ ਘਰਾਂ ਵਿੱਚ ਰਹਿਣ ਨੂੰ ਤਰਜੀਹ ਦੇ ਰਹੇ ਹਨ, ਜਿਸ ਨਾਲ ਬਾਜ਼ਾਰਾਂ ਵਿੱਚ ਰੌਣਕ ਘੱਟ ਹੋ ਗਈ ਹੈ।
ਆਮ ਦਿਨਾਂ ਵਿੱਚ ਰੌਣਕ ਨਾਲ ਭਰੇ ਰਹਿਣ ਵਾਲੇ ਬਾਜ਼ਾਰ ਵੀਰਾਨ ਦਿਖਾਈ ਦੇ ਰਹੇ ਹਨ ਅਤੇ ਸੜਕਾਂ ’ਤੇ ਆਵਾਜਾਈ ਵੀ ਨਾਮਾਤਰ ਰਹਿ ਗਈ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਗਰਮੀ ਦੇ ਕਾਰਨ ਕਾਰੋਬਾਰ ’ਤੇ ਵੀ ਅਸਰ ਪੈ ਰਿਹਾ ਹੈ, ਕਿਉਂਕਿ ਲੋਕ ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਹੀਂ ਨਿਕਲਣ ਚਾਹੀਦਾ।
ਤਿੱਖੀ ਗਰਮੀ ਦੌਰਾਨ ਸਾਵਧਾਨੀਆਂ ਵਰਤੋਂ : ਡਾ. ਕਵਿਤਾ ਸਿੰਘ
ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਮਜ਼ਦੂਰ ਵਰਗ ਨੂੰ ਖਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਹਲਕੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਹੈ।ਡਾਕਟਰਾਂ ਨੇ ਕਿਹਾ ਕਿ ਲੂ ਤੋਂ ਬਚਣ ਲਈ ਸਿਰ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਚੱਕਰ ਆਉਣ, ਉਲਟੀ, ਬੁਖਾਰ ਜਾਂ ਘਬਰਾਹਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਸੰਪਰਕ ਕੀਤਾ ਜਾਵੇ।
ਰਾਜ ਵਿਚ ਵੱਧ ਰਹੀ ਗਰਮੀ ਕਾਰਨ ਜਿਥੇ ਮੌਸਮ ਵਿਭਾਗ ਵਲੋਂ 30 ਅਪ੍ਰੈਲ ਤੱਕ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ ਓਥੇ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵੀ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਤਿੱਖੀ ਧੁੱਪ ਤੋਂ ਬੱਚਣ ਲਈ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ। ਜੇਕਰ ਦੁਪਹਿਰ ਵੇਲੇ ਕਿਸੇ ਕੰਮ ਕਰਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰੋ ਕਿ ਕੁੱਝ ਸਮਾਂ ਠੰਢੀ ਥਾਂ ਜਾਂ ਛਾਂ ਹੇਠ ਬੈਠਿਆ ਜਾਵੇ। ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਏ ਜਾਣ। ਉੁਨ੍ਹਾਂ ਦੱਸਿਆ ਕਿ ਨਵਜੰਮੇ ਬੱਚਿਆਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਰੂਪ ਵਿੱਚ ਬਿਮਾਰ ਲੋਕਾਂ, ਦਿਲ ਦੇ ਰੋਗਾਂ ਤੋਂ ਪੀੜਤ ਵਿਅਕਤੀ, ਮਜ਼ਦੂਰਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਜ਼ਿਆਦਾ ਖਤਰਾ ਹੁੰਦਾ ਹੈ, ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦਾ ਖਾਸ ਧਿਆਨ ਰਖਿਆ ਜਾਵੇ। ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ । ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਂ ਵਿੱਚ ਆਰਾਮ ਕਰਨ ਜਾਂ ਸਿਰ 'ਤੇ ਗਿੱਲਾ ਤੋਲੀਆ ਜਾਂ ਕੱਪੜਾ ਜ਼ਰੂਰ ਰੱਖਣ।
ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਨੀਤਾ ਕੰਬੋਜ ਨੇ ਦੱਸਿਆ ਕਿ ਗਰਮੀ ਲੱਗਣ ਨਾਲ ਸ਼ਰੀਰ ਤੇ ਪਿੱਤ, ਚੱਕਰ ਆਉਣੇ, ਬਹੁਤ ਪਸੀਨਾਂ ਆਉਣਾ ਤੇ ਥਕਾਨ ਹੋਣਾ, ਸਿਰ ਦਰਦ ਤੇ ਉਲਟੀਆਂ ਲਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ, ਬੇਚੈਨੀ, ਚਿੜਚਿੜਾਪਣ, ਦਿਲ ਦੀ ਧੜਕਣ ਦਾ ਵੱਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ ਅਤੇ ਕਈ ਵਾਰੀ ਗਰਮੀ ਲੱਗਣ ਨਾਲ ਮਾਸ਼ਪੇਸ਼ੀਆਂ ਵਿਚ ਵੀ ਕਮਜ਼ੋਰੀ ਆ ਜਾਂਦੀ ਹੈ। ਜਿਸ ਨਾਲ ਵਿਅਕਤੀ ਥੋੜਾ ਜਿਹਾ ਕੰਮ ਕਰਨ ਤੇ ਵੀ ਬਹੁਤ ਜ਼ਿਆਦਾ ਥਕਾਨ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਸਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪ੍ਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਸਿਗਰਟ ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ। ਗਰਮੀ ਦੇ ਮੌਸਮ ਵਿਚ ਕੜਕਦੀ ਧੁੱਪ ਵਿਚ ਲੇਬਰ ਦਾ ਕੰਮ ਕਰ ਰਹੇ ਵਿਅਕਤੀਆਂ ਵਿਚ ਕਈ ਵਾਰੀ ਹੀਟ ਸਟ੍ਰੋਕ ਦੀ ਪ੍ਰੇਸ਼ਾਨੀ ਆਉਂਦੀ ਹੈ, ਜੋ ਕਿ ਜਾਨ ਲੇਵਾ ਵੀ ਹੋ ਸਕਦੀ ਹੈ। ਇਸ ਲਈ ਕੜਕਦੀ ਧੁੱਪ ’ਚ ਲੰਮੇ ਸਮੇਂ ਕੰਮ ਤੋਂ ਗੁਰੇਜ਼ ਕੀਤਾ ਜਾਵੇ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ। ਜਰੂਰਤ ਪੈਣ ਤੇ ਐਂਬੂਲੈਂਸ ਸੇਵਾ ਲਈ ਟੋਲ ਫ੍ਰੀ ਨੰਬਰ 108 ਅਤੇ ਸਿਹਤ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 104 ਤੇ ਸਪੰਰਕ ਕੀਤਾ ਜਾ ਸਕਦਾ ਹੈ।