ਮਾਪਿਆਂ ਦੀ ਭਾਗੀਦਾਰੀ ਨਾਲ ਬੱਚਿਆਂ ਦੇ ਨਤੀਜਿਆਂ ’ਚ ਆਉਂਦਾ ਸਕਾਰਾਤਮਕ ਸੁਧਾਰ
ਮੈਗਾ ਪੀਟੀਐਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾ, ਰੁਕਨਾ ਬੇਗੂ ਤੇ ਪਟੇਲ ਨਗਰ ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੱਲੋਂ ਸਰਕਾਰੀ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਤੇ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦਾ ਨਿਰੀਖਣ ਕੀਤਾ।
Publish Date: Sat, 30 May 2026 04:15 PM (IST)
Updated Date: Sat, 30 May 2026 04:17 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੈਗਾ ਪੀਟੀਐਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾ, ਰੁਕਨਾ ਬੇਗੂ ਤੇ ਪਟੇਲ ਨਗਰ ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੱਲੋਂ ਸਰਕਾਰੀ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਤੇ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਮਾਪਿਆਂ ਨਾਲ ਰੂਬਰੂ ਹੋ ਕੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਡੀਈਓ ਅਰੋੜਾ ਨੇ ਕਿਹਾ ਕਿ ਮੈਗਾ ਪੀਟੀਐਮ ਦਾ ਮੁੱਖ ਉਦੇਸ਼ ਸਕੂਲ, ਅਧਿਆਪਕ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਸਾਂਝ ਸਥਾਪਿਤ ਕਰਨਾ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਅਤੇ ਵਿਕਾਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਮਾਪੇ ਅਤੇ ਅਧਿਆਪਕ ਮਿਲ ਕੇ ਬੱਚਿਆਂ ਦੀ ਪ੍ਰਗਤੀ ਲਈ ਕੰਮ ਕਰਦੇ ਹਨ ਤਾਂ ਵਿਦਿਆਰਥੀਆਂ ਦੇ ਨਤੀਜਿਆਂ ਅਤੇ ਵਿਅਕਤੀਗਤ ਵਿਕਾਸ ਵਿੱਚ ਸਕਾਰਾਤਮਕ ਸੁਧਾਰ ਦੇਖਣ ਨੂੰ ਮਿਲਦਾ ਹੈ। ਇਸ ਮੌਕੇ ਡਿਪਟੀ ਡੀਈਓ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਵਿਦਿਆਰਥੀ ਦੀ ਸਿੱਖਣ ਪ੍ਰਕਿਰਿਆ ਉੱਤੇ ਵਿਸ਼ੇਸ਼ ਧਿਆਨ ਦੇਣ ਅਤੇ ਮਾਪਿਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ। ਇਸ ਮੌਕੇ ਦੌਰਾਨ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ। ਸਮੂਹ ਸਕੂਲਾਂ ਵਿੱਚ ਮੈਗਾ ਪੀਟੀਐੱਮ ਸਬੰਧੀ ਉਤਸ਼ਾਹਪੂਰਨ ਮਾਹੌਲ ਦੇਖਣ ਨੂੰ ਮਿਲਿਆ ਅਤੇ ਮਾਪਿਆਂ ਨੇ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਸਕੂਲਾਂ ਨਾਲ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਲਾਘਾਯੋਗ ਪ੍ਰਾਪਤੀਆਂ ਵਾਲੇ ਵਿਦਿਆਰਥੀ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਪਹਿਲਾ ਸਥਾਨ ਦਿਵਾਉਣ ਲਈ ਅਧਿਆਪਕਾਂ ਨੂੰ ਵਿਭਾਗ ਵੱਲੋਂ ਪ੍ਰਾਪਤ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਹਰਫੂਲ ਸਿੰਘ, ਦਿਨੇਸ਼ ਚੌਹਾਨ, ਅਰਸ਼ਦੀਪ ਸਿੰਘ, ਅਸ਼ਬੀਰ ਸਿੰਘ, ਹਰਵਿੰਦਰ ਸਿੰਘ, ਸੰਗੀਤਾ, ਹਿਰਦੇ ਨੰਦ, ਸੁਮਿਤ ਕੁਮਾਰ, ਪੂਨਮ ਰਾਣੀ, ਕਵਿਤਾ ਕੰਬੋਜ਼ ਆਦਿ ਹਾਜ਼ਰ ਸਨ।