ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਵਾਰਡਾਂ ’ਚ ਜਨਸਭਾਵਾਂ
ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਜਨਸਭਾਵਾਂ
Publish Date: Sun, 24 May 2026 05:52 PM (IST)
Updated Date: Sun, 24 May 2026 05:52 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸੇ ਤਹਿਤ ਭਾਰਤੀ ਜਨਤਾ ਪਾਰਟੀ ਵੱਲੋਂ ਸ਼ਹਿਰ ਦੇ ਵਾਰਡ ਨੰਬਰ 2 ਅਤੇ 23 ਚ ਵਿੱਚ ਜਨਸਭਾਵਾਂ ਕਰਕੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕੀਤਾ ਗਿਆ। ਇਨ੍ਹਾਂ ਜਨਸਭਾਵਾਂ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ। ਭਾਜਪਾ ਦੇ ਵਾਰਡ ਨੰਬਰ ਦੋ ਤੋਂ ਉਮੀਦਵਾਰ ਪੂਜਾ ਗੁੰਬਰ ਅਤੇ ਵਾਰਡ ਨੰਬਰ 23 ਤੋਂ ਸੁਰਿੰਦਰ ਪਾਲ ਸਿੰਘ ਘੋਗਾ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕੀਤੀ ਗਈ। ਇਸ ਮੌਕੇ ਭਾਜਪਾ ਆਲ ਸੈਲ ਇੰਚਾਰਜ ਰੰਜਮ ਕਾਮਰਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਲੋਕ ਭਲਾਈ ਅਤੇ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਜਪਾ ਨੇ ਦੇਸ਼ ਭਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਸਥਾਨਕ ਨਿਕਾਇਕ ਸੰਸਥਾਵਾਂ ਵਿੱਚ ਵੀ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇ। ਰੰਜਮ ਕਾਮਰਾ ਨੇ ਕਿਹਾ ਕਿ ਸ਼ਹਿਰ ਵਿੱਚ ਗਲੀਆਂ-ਨਾਲੀਆਂ ਦੀ ਖਰਾਬ ਹਾਲਤ, ਸਟਰੀਟ ਲਾਈਟਾਂ ਦੀ ਕਮੀ, ਸਫਾਈ ਪ੍ਰਬੰਧਾਂ ਵਿੱਚ ਬੇਤਰਤੀਬੀ ਅਤੇ ਸੀਵਰੇਜ ਵਰਗੀਆਂ ਮੁੱਢਲੀਆਂ ਸਮੱਸਿਆਵਾਂ ਅੱਜ ਵੀ ਲੋਕਾਂ ਲਈ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਕਈ ਸਾਲਾਂ ਤੋਂ ਸੱਤਾ ਵਿੱਚ ਰਹੀਆਂ ਰਵਾਇਤੀ ਪਾਰਟੀਆਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀਆਂ ਹਨ। ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਜੇਕਰ ਲੋਕ ਨਗਰ ਕੌਂਸਲ ਵਿੱਚ ਭਾਜਪਾ ਨੂੰ ਮੌਕਾ ਦਿੰਦੇ ਹਨ ਤਾਂ ਪਾਰਟੀ ਵੱਲੋਂ ਸ਼ਹਿਰ ਦੇ ਵਿਕਾਸ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਫਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਨਵੀਆਂ ਸੜਕਾਂ ਬਣਾਉਣ, ਪੀਣ ਵਾਲੇ ਪਾਣੀ ਦੀ ਸੁਵਿਧਾ ਵਿੱਚ ਸੁਧਾਰ ਅਤੇ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਜਨਸਭਾਵਾਂ ਦੌਰਾਨ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਵਰਕਰਾਂ ਵੱਲੋਂ ਭਾਜਪਾ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਲੋਕਾਂ ਨੂੰ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਕਈ ਥਾਵਾਂ ‘ਤੇ ਲੋਕਾਂ ਵੱਲੋਂ ਵੀ ਪਾਰਟੀ ਆਗੂਆਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਸ਼ਹਿਰ ਦੇ ਵਿਕਾਸ ਸੰਬੰਧੀ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ, ਮਹਿਲਾਵਾਂ ਅਤੇ ਨੌਜਵਾਨ ਮੌਜੂਦ ਰਹੇ। ਪਾਰਟੀ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਇਸ ਵਾਰ ਨਗਰ ਕੌਂਸਲ ਚੋਣਾਂ ਵਿੱਚ ਲੋਕ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਤਰਜੀਹ ਦਿੰਦਿਆਂ ਭਾਜਪਾ ਨੂੰ ਸਮਰਥਨ ਦੇਣਗੇ।