ਥਾਣੇ ਦੇ ਨੇੜੇ ਵਾਪਰੀ ਵਾਰਦਾਤ, ਬੇਖੌਫ਼ ਅਪਰਾਧੀਆਂ ਨੇ ਦਿੱਤੀ ਕਾਨੂੰਨ ਨੂੰ ਚੁਣੌਤੀ
ਥਾਣੇ ਦੇ ਨੇੜੇ ਵਾਪਰੀ ਵਾਰਦਾਤ, ਬੇਖੌਫ਼ ਅਪਰਾਧੀਆਂ ਨੇ ਦਿੱਤੀ ਕਾਨੂੰਨ ਨੂੰ ਚੁਣੌਤੀ
Publish Date: Mon, 01 Jun 2026 07:00 PM (IST)
Updated Date: Mon, 01 Jun 2026 07:02 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਮਖੂ ਵਿਚ ਕਰਿਆਨਾ ਸਟੋਰ ਦੇ ਮਾਲਕ, ਪ੍ਰਸਿੱਧ ਸਮਾਜ ਸੇਵੀ ਅਤੇ ਧਾਰਮਿਕ ਵਿਚਾਰਾਂ ਵਾਲੇ ਗੁਰਚਰਨ ਸਿੰਘ ਕਾਲਾ ਗਾਬਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਨੇ ਪੂਰੇ ਇਲਾਕੇ ਵਿੱਚ ਸੋਗ ਅਤੇ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਮਗਰੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੀਰਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਲੋਕਾਂ ਦੇ ਮਨਾਂ ਵਿਚ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਤਲ, ਲੁੱਟ-ਖੋਹ ਅਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ, ਜਦਕਿ ਸਰਕਾਰ ਅਤੇ ਪੁਲਿਸ ਅਜਿਹੇ ਅਪਰਾਧਾਂ ’ਤੇ ਨੱਥ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਚਰਨ ਸਿੰਘ ਕਾਲਾ ਗਾਬਾ ਇਕ ਸਤਿਕਾਰਯੋਗ, ਮਿਲਣਸਾਰ ਅਤੇ ਸਮਾਜ ਸੇਵਾ ਨੂੰ ਸਮਰਪਿਤ ਸ਼ਖ਼ਸੀਅਤ ਸਨ, ਜਿਨ੍ਹਾਂ ਦਾ ਕਿਸੇ ਨਾਲ ਕੋਈ ਵੈਰ-ਵਿਰੋਧ ਨਹੀਂ ਸੀ। ਅਜਿਹੇ ਵਿਅਕਤੀ ਦੀ ਦਿਨ ਦਿਹਾੜੇ ਹੱਤਿਆ ਹੋ ਜਾਣਾ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਵੱਡਾ ਪ੍ਰਸ਼ਨ ਚਿੰਨ੍ਹ ਹੈ। ਜ਼ੀਰਾ ਨੇ ਖਾਸ ਤੌਰ ’ਤੇ ਇਹ ਮਾਮਲਾ ਉਠਾਇਆ ਕਿ ਮ੍ਰਿਤਕ ਦੀ ਦੁਕਾਨ ਪੁਲਿਸ ਥਾਣਾ ਮੱਖੂ ਦੇ ਬਿਲਕੁਲ ਨੇੜੇ ਹੋਣ ਦੇ ਬਾਵਜੂਦ ਹਮਲਾਵਰ ਬੇਖੌਫ਼ ਹੋ ਕੇ ਵਾਰਦਾਤ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਗਏ। ਉਨ੍ਹਾਂ ਇਸ ਨੂੰ ਸੁਰੱਖਿਆ ਪ੍ਰਬੰਧਾਂ ਦੀ ਗੰਭੀਰ ਨਾਕਾਮੀ ਕਰਾਰ ਦਿੰਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਮਿਲਣ ਤੱਕ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਪ੍ਰਿਤਪਾਲ ਸਿੰਘ ਕਾਕਾ ਜੈਲਦਾਰ, ਸ਼ਹਿਰੀ ਪ੍ਰਧਾਨ ਮਖੂ ਸ਼ਿਵ ਸਾਗਰ ਸ਼ਰਮਾ, ਰੋਮੀ ਚੋਪੜਾ, ਸੰਜੀਵ ਨਾਰੰਗ, ਮਹਿੰਦਰ ਮਦਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ, ਸਤਨਾਮ ਸਿੰਘ ਢਿੱਲੋ ਜ਼ਿਲ੍ਹਾ ਮੀਤ ਪ੍ਰਧਾਨ ਆਦਿ ਹਾਜ਼ਰ ਸਨ।