ਹੜਤਾਲ ਕਾਰਨ ਜਲਾਲਾਬਾਦ ਦੀ ਸਫਾਈ ਵਿਵਸਥਾ ਡਾਵਾਂਡੋਲ
ਹੜਤਾਲ ਕਾਰਨ ਜਲਾਲਾਬਾਦ ਦੀ ਸਫਾਈ ਵਿਵਸਥਾ ਡਾਵਾਂਡੋਲ
Publish Date: Fri, 08 May 2026 06:02 PM (IST)
Updated Date: Fri, 08 May 2026 06:02 PM (IST)

ਬੰਪਲ ਭਠੇਜਾ, ਪੰਜਾਬੀ ਜਾਗਰਣ ਜਲਾਲਾਬਾਦ : ਆਪਣੀਆਂ ਮੰਗਾਂ ਨੂੰ ਲੈ ਕੇ ਜਲਾਲਾਬਾਦ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ, ਜਿਸ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਡਾਵਾਂਡੋਲ ਹੋ ਗਈ ਹੈ। ਹੜਤਾਲ ਕਾਰਨ ਕਈ ਇਲਾਕਿਆਂ ਵਿੱਚ ਕੂੜਾ ਇਕੱਠਾ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਗਰ ਕੌਂਸਲ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਯੂਨੀਅਨ ਪ੍ਰਧਾਨ ਅਜੇ ਕੁਮਾਰ ਅਤੇ ਹੋਰ ਅਹੁਦੇਦਾਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ਸਫਾਈ ਕਰਮਚਾਰੀਆਂ ਦਾ ਆਰਥਿਕ ਸ਼ੋਸ਼ਣ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਮਹਿੰਗਾਈ ਦੇ ਮੱਦੇਨਜ਼ਰ ਘੱਟੋ-ਘੱਟ ਤਨਖਾਹ 40 ਹਜ਼ਾਰ ਰੁਪਏ ਕੀਤੀ ਜਾਵੇ। ਇਸ ਤੋਂ ਇਲਾਵਾ ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡਿਊਟੀ ਦੌਰਾਨ ਸੁਰੱਖਿਆ ਲਈ ਆਧੁਨਿਕ ਸੇਫਟੀ ਕਿੱਟਾਂ ਮੁਹੱਈਆ ਕਰਵਾਉਣ ਦੀ ਮੰਗ ਵੀ ਉਠਾਈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਫਾਈ ਅਤੇ ਸੀਵਰ ਦੇ ਕੰਮ ਦੌਰਾਨ ਕਰਮਚਾਰੀਆਂ ਨੂੰ ਕਈ ਵਾਰ ਜਾਨ ਦਾ ਖ਼ਤਰਾ ਰਹਿੰਦਾ ਹੈ, ਇਸ ਲਈ ਉਨ੍ਹਾਂ ਦੀ ਸੁਰੱਖਿਆ ਲਈ ਪੂਰੇ ਇੰਤਜ਼ਾਮ ਹੋਣੇ ਚਾਹੀਦੇ ਹਨ। ਹੜਤਾਲ ਨੂੰ ਸਮਰਥਨ ਦੇਣ ਲਈ ਮੋਗਾ, ਫਿਰੋਜ਼ਪੁਰ ਅਤੇ ਗੁਰੂਹਰਸਹਾਏ ਤੋਂ ਵੀ ਯੂਨੀਅਨ ਦੇ ਸੀਨੀਅਰ ਆਗੂ ਜਲਾਲਾਬਾਦ ਪਹੁੰਚੇ। ਇਸ ਦੇ ਨਾਲ ਹੀ ਕਿਰਤੀ ਕਿਸਾਨ ਯੂਨੀਅਨ ਨੇ ਵੀ ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਰਮਚਾਰੀਆਂ ਨੇ ਸਪੱਸ਼ਟ ਕੀਤਾ ਕਿ ਜਦ ਤੱਕ ਸਰਕਾਰ ਵੱਲੋਂ ਲਿਖਤੀ ਰੂਪ ਵਿੱਚ ਠੋਸ ਭਰੋਸਾ ਨਹੀਂ ਦਿੱਤਾ ਜਾਂਦਾ, ਉਹ ਕੰਮ ‘ਤੇ ਵਾਪਸ ਨਹੀਂ ਪਰਤਣਗੇ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਤਨਖਾਹ ਦੀ ਨਹੀਂ, ਸਗੋਂ ਹੱਕਾਂ ਅਤੇ ਇੱਜ਼ਤ ਨਾਲ ਜੀਵਨ ਜਿਉਣ ਦੀ ਲੜਾਈ ਹੈ।