ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਲਾਠੀਚਾਰਜ ਦੀ ਨਿਖੇਧੀ
ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਜਲ ਤੋਪਾਂ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਾਂਝੇ ਅਧਿਆਪਕ
Publish Date: Mon, 09 Mar 2026 04:33 PM (IST)
Updated Date: Mon, 09 Mar 2026 04:36 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਸਤੀਸ਼ ਰਾਣਾ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਜਸਬੀਰ ਸਿੰਘ ਤਲਵਾੜਾ, ਸੀਪੀਐੱਫ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ, ਪੀਐੱਸਐੱਮਐੱਸਯੂ ਦੇ ਪ੍ਰਧਾਨ ਗੁਰਨਾਮ ਸਿੰਘ ਵਿਰਕ, ਜੀਟੀਯੂ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਪਲਵਿੰਦਰ ਸਿੰਘ ਲੁਧਿਆਣਾ, ਬੀਐੱਡ ਫਰੰਟ ਦੇ ਪ੍ਰਧਾਨ ਪ੍ਰਗਟਜੀਤ ਸਿੰਘ, ਡੀਟੀਐੱਫ ਦੇ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਕਰਮ ਸਿੰਘ ਧਨੋਆ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ, ਪੈਨਸ਼ਨਰ, ਠੇਕਾ ਮੁਲਾਜ਼ਮ, ਆਂਗਨਵਾੜੀ ਵਰਕਰ ਅਤੇ ਆਸ਼ਾ ਵਰਕਰ ਮੋਹਾਲੀ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਨ ਪਹੁੰਚੇ। ਜਦੋਂ ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਲਗਾਈਆਂ ਬੈਰੀਕੇਡਾਂ ਨੂੰ ਪਾਰ ਕਰਕੇ ਚੰਡੀਗੜ੍ਹ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾਰਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਇਸ ਦੌਰਾਨ ਕਈ ਮੁਲਾਜ਼ਮਾਂ ਦੀਆਂ ਪੱਗਾਂ ਲੱਥ ਗਈਆਂ, ਮੋਬਾਇਲ ਫੋਨ ਅਤੇ ਐਨਕਾਂ ਟੁੱਟ ਗਈਆਂ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਸੱਟਾਂ ਵੀ ਲੱਗੀਆਂ। ਇਸ ਮੌਕੇ ਮੁਲਾਜ਼ਮ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਪਿਛਲੇ ਪਾਸੇ ਇਕੱਠੇ ਹੋ ਕੇ ਰੋਸ ਰੈਲੀ ਕਰਦੇ ਰਹੇ। ਇਸ ਤੋਂ ਬਾਅਦ ਧਰਨਾਕਾਰੀ ਬੁੜੈਲ ਜੇਲ੍ਹ ਵਾਲੀ ਸੜਕ ਰਾਹੀਂ ਪੰਜਾਬ ਵਿਧਾਨ ਸਭਾ ਵੱਲ ਰਵਾਨਾ ਹੋਏ। ਜਦੋਂ ਉਨ੍ਹਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਮੁੜ ਜਲ ਤੋਪਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਇਸ ਮੌਕੇ ਹੈੱਡ ਮਾਸਟਰ ਅਰਵਿੰਦਰ ਸਿੰਘ, ਹੈੱਡ ਮਾਸਟਰ ਜਸਪ੍ਰੀਤ ਸਿੰਘ, ਮਨੀਸ਼ ਬਜਾਜ, ਸੁਖਦੇਵ ਮਸੀਹ, ਬਲਜਿੰਦਰ ਸਿੰਘ, ਗੁਰਚਰਨ ਸਿੰਘ ਕਲਸੀ, ਨਿਰਵੈਰ ਸਿੰਘ, ਪਵਨ ਕੁਮਾਰ, ਅਜੇ ਕੁਮਾਰ, ਭੁਪਿੰਦਰ ਸਿੰਘ, ਗਗਨਦੀਪ ਸਿੰਘ, ਜਤਿੰਦਰ ਸਿੰਘ, ਰਾਜਵੀਰ ਸਿੰਘ ਢਿੱਲੋਂ, ਜਗਸੀਰ ਸਿੰਘ ਗਿੱਲ, ਕਾਹਨ ਸਿੰਘ, ਕਰਮਜੀਤ ਸਿੰਘ ਅਤੇ ਨਿਰਮਲ ਸਿੰਘ ਆਦਿ ਅਧਿਆਪਕ ਸ਼ਾਮਲ ਸਨ। ਮੁਲਾਜ਼ਮਾਂ ’ਤੇ ਹੋਏ ਇਸ ਤਸ਼ੱਦਦ ਦੀ ਫਿਰੋਜ਼ਪੁਰ ਤੋਂ ਵੱਖ-ਵੱਖ ਅਧਿਆਪਕ ਯੂਨੀਅਨ ਆਗੂਆਂ ਨਵੀਨ ਸਚਦੇਵਾ, ਬਾਜ਼ ਸਿੰਘ ਭੁੱਲਰ, ਬਲਵਿੰਦਰ ਭੁੱਟੋ, ਮਲਕੀਤ ਹਰਾਜ ਅਤੇ ਬਲਰਾਮ ਸ਼ਰਮਾ ਨੇ ਵੀ ਕੜੇ ਸ਼ਬਦਾਂ ਵਿਚ ਨਿਖੇਧੀ ਕੀਤੀ।