ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨਾਂ ਨੂੰ ਝੋਨੇ ਵਿਚ ਫਾਸਫੋਰਸ ਖਾਦ ਨਾ ਵਰਤਣ ਦੀ ਅਪੀਲ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫ਼ਿਰੋਜ਼ਪੁਰ ਦੀ ਟੀਮ ਵਲੋਂ ਕੇ.ਵੀ.ਕੇ., ਫ਼ਿਰੋਜ਼ਪੁਰ ਵਿਖੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਡਾ. ਗੁਰਮੇਲ ਸਿੰਘ ਸੰਧੂ ਡਿਪਟੀ ਡਾਇਰੈਕਟਰ, ਕੇ.ਵੀ.ਕੇ., ਫ਼ਿਰੋਜ਼ਪੁਰ ਨੇ ਕਿਸਾਨਾਂ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ (ਪੀ.ਏ.ਯੂ.) ਵਲੋਂ ਸਿਫ਼ਾਰਸ਼ ਕੀਤੀਆਂ ਝੋਨੇ ਅਤੇ ਬਾਸਮਤੀ ਦੀਆਂ ਉੱਨਤ ਕਿਸਮਾਂ ਅਤੇ ਉਨ੍ਹਾਂ ਦੇ ਝਾੜ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਇਨ੍ਹਾਂ ਕਿਸਮਾਂ ਦੇ ਬੀਜ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਮੱਲਵਾਲ ਫ਼ਿਰੋਜ਼ਪੁਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਸਾਉਣੀ ਦੀ ਫ਼ਸਲ ਵਿਚ ਮਿੱਟੀ ਪਰਖ ਦੇ ਅਧਾਰ ’ਤੇ ਖਾਦ ਪਾਉਣ ਦੀ ਸਲਾਹ ਦਿੱਤੀ ਅਤੇ ਦੱਸਿਆ ਕਿ ਕੇ.ਵੀ.ਕੇ. ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਵਿਚ ਕਿਸਾਨ ਆਪਣੀ ਮਿੱਟੀ ਅਤੇ ਪਾਣੀ ਟੈਸਟ ਕਰਵਾ ਸਕਦੇ ਹਨ। ਜੇਕਰ ਕਣਕ ਨੂੰ ਸਿਫ਼ਾਰਸ਼ ਕੀਤੀ ਫਾਸਫੋਰਸ ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੂੜੀ ਦੀ ਖਾਦ, ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਅਤੇ ਜੈਵਿਕ ਖਾਦਾਂ ਅਪਣਾਉਣ ਦੀ ਅਪੀਲ ਕੀਤੀ। ਕੈਂਪ ਦੌਰਾਨ ਡਾ. ਭੱਲਣ ਸਿੰਘ ਸੇਖੋਂ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਕਿਸਾਨਾਂ ਨੂੰ ਸਬਜ਼ੀਆਂ ਵਿਚ ਸੰਤੁਲਿਤ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇਪਣ ਦੇ ਰੋਗ ਬਾਰੇ ਦੱਸਦਿਆਂ ਕਿਹਾ ਕਿ ਇਹ ਵਿਸ਼ਾਣੂ ਰੋਗ ਹੈ, ਜੋ ਝੋਨੇ ਦੀਆਂ ਮੌਜ਼ੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਉੱਪਰ ਇਸ ਰੋਗ ਨੂੰ ਚਿੱਟੀ ਪਿੱਠ ਵਾਲਾ ਟਿੱਡਾ ਫੈਲਾਉਂਦਾ ਹੈ ਅਤੇ ਇਸ ਲਈ ਖੇਤ ਵਿਚ ਚਿੱਟੀ ਪਿੱਠ ਵਾਲੇ ਟਿੱਡੇ ਦਾ ਲਗਾਤਾਰ ਸਰਵੇਖਣ ਕਰਨਾ ਬਹੁਤ ਜ਼ਰੂਰੀ ਹੈ। ਵੱਟਾਂ ਬੰਨਿ੍ਹਆਂ ਅਤੇ ਪਾਣੀ ਵਾਲੇ ਖਾਲਾਂ ਨੂੰ ਨਦੀਨ ਮੁਕਤ ਰੱਖਣਾ ਚਾਹੀਦਾ ਹੈ। ਜਿਸ ਖੇਤ ਵਿਚ ਪਿਛਲੇ ਸਾਲ ਇਹ ਬਿਮਾਰੀ ਨਜ਼ਰ ਆਈ ਹੋਵੇ, ਉੱਥੇ ਖਾਸ ਧਿਆਨ ਰੱਖਣਾ ਜ਼ਰੂਰੀ ਹੈ। ਟਿੱਡੇ ਦੀ ਆਮਦ ਨਜ਼ਰ ਆਉਣ ’ਤੇ ਪੀ.ਏ.ਯੂ., ਲੁਧਿਆਣਾ ਵਲੋਂ ਸਿਫ਼ਾਰਸ਼ ਕਿਸੇ ਇਕ ਕੀਟਨਾਸ਼ਕ ਦਾ ਪਨੀਰੀ ਵਿਚ ਛਿੜਕਾਅ ਕਰਨਾ ਚਾਹੀਦਾ ਹੈ। ਡਾ. ਦਿਵਿਆ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਅਸੰਤੁਲਿਤ ਵਰਤੋਂ ਦੇ ਮਨੁੱਖੀ ਸਿਹਤ ਅਤੇ ਵਾਤਾਵਰਣ ’ਤੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਵੀ ਕਿਸਾਨਾਂ ਨੂੰ ਸੰਤੁਲਿਤ ਅਤੇ ਸਿਫਾਰਸ਼ੀ ਮਾਤਰਾ ਵਿਚ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।