ਕਿਸਾਨਾਂ ਨੂੰ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਅਪੀਲ
ਕੇਵੀਕੇ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਅਪੀਲ
Publish Date: Wed, 29 Apr 2026 03:32 PM (IST)
Updated Date: Wed, 29 Apr 2026 03:34 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦੀ ਟੀਮ ਵੱਲੋਂ ਪਿੰਡ ਵਾਹਕਾ ਮੌੜ ਵਿਖੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਗੁਰਮੇਲ ਸਿੰਘ ਸੰਧੂ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਆਉਣ ਵਾਲੀ ਸਾਉਣੀ ਦੀ ਫ਼ਸਲ ਵਿਚ ਵਿਸ਼ੇਸ਼ ਤੌਰ ’ਤੇ ਮਿੱਟੀ ਪਰਖ ਦੇ ਅਧਾਰ ’ਤੇ ਖਾਦ ਪਾਉਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਵਿਚ ਕਿਸਾਨ ਆਪਣੀ ਮਿੱਟੀ ਅਤੇ ਪਾਣੀ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਣਕ ਨੂੰ ਸਿਫ਼ਾਰਸ਼ ਕੀਤੀ ਫ਼ਾਸਫ਼ੋਰਸ ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਫ਼ਾਸਫ਼ੋਰਸ ਖਾਦ ਪਾਉਣ ਦੀ ਲੋੜ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੂੜੀ ਦੀ ਖਾਦ, ਹਰੀ ਖਾਦ ਵਾਲਿਆਂ ਫ਼ਸਲਾਂ ਦੀ ਕਾਸ਼ਤ ਅਤੇ ਜੈਵਿਕ ਖਾਦਾਂ ਅਪਨਾਉਣ ’ਤੇ ਜ਼ੋਰ ਦਿੱਤਾ। ਕੈਂਪ ਦੌਰਾਨ ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਕਿਸਾਨਾਂ ਨੂੰ ਸਬਜ਼ੀਆਂ ਵਿਚ ਸੰਤੁਲਿਤ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ ਆਰ-126, ਪੀ ਆਰ-131, ਪੀ ਆਰ-132, ਪੀ ਆਰ-133 ਅਤੇ ਪੀ ਆਰ-114 ਦੀ ਕਾਸ਼ਤ ਕਰਨ ਲਈ ਪ੍ਰੇਰਦਿਆਂ ਦੱਸਿਆ ਕਿ ਇਨ੍ਹਾਂ ਕਿਸਮਾਂ ਦੇ ਬੀਜ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਮੱਲਵਾਲ ਫ਼ਿਰੋਜ਼ਪੁਰ ਤੋਂ ਪ੍ਰਾਪਤ ਕਰ ਸਕਦੇ ਹਨ।