ਪੰਜਾਬ ਅੰਦਰ ਵੀ ਖਿੜੇਗਾ ‘ਕਮਲ’ : ਰਾਣਾ ਸੋਢੀ
2027 ਦੀਆਂ ਚੋਣਾਂ ਵਿੱਚ ਪੰਜਾਬ ਅੰਦਰ ਵੀ ਖਿੜੇਗਾ ਕਮਲ ਦਾ ਫੁੱਲ: ਰਾਣਾ ਗੁਰਮੀਤ ਸਿੰਘ ਸੋਢੀ
Publish Date: Tue, 05 May 2026 05:37 PM (IST)
Updated Date: Tue, 05 May 2026 05:38 PM (IST)
ਬੰਪਲ ਭਠੇਜਾ, ਪੰਜਾਬੀ ਜਾਗਰਣ ਜਲਾਲਾਬਾਦ : ਹੋਰ ਰਾਜਾਂ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਲਾਲਾਬਾਦ ਵਿਖੇ ਬਾਬਾ ਮੇਹਰਬਾਨ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਲੱਡੂ ਵੰਡ ਕੇ ਵਰਕਰਾਂ ਨੂੰ ਵਧਾਈ ਦਿੱਤੀ। ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਜਿੱਤ ਜਨਤਾ ਦੀ ਜਿੱਤ ਹੈ ਅਤੇ ਲੋਕਾਂ ਨੇ ਵਿਕਾਸ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਵੀ ਭਾਜਪਾ ਦੇ ਹੱਕ ਵਿੱਚ ਮਾਹੌਲ ਬਣੇਗਾ ਅਤੇ ਕਮਲ ਦਾ ਫੁੱਲ ਖਿੜੇਗਾ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਦਾਅਵੇ ਜ਼ਮੀਨੀ ਪੱਧਰ ’ਤੇ ਨਜ਼ਰ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵੀ ਹਕੀਕਤ ਵਿੱਚ ਉਮੀਦਾਂ ’ਤੇ ਖਰੀ ਨਹੀਂ ਉਤਰ ਰਹੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹੋਰ ਰਾਜਾਂ ਵਿੱਚ ਲੋਕਾਂ ਨੇ ਭਾਜਪਾ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਆਉਣ ਵਾਲੇ ਸਮੇਂ ਦੌਰਾਨ ਭਾਜਪਾ ਨੂੰ ਮਜ਼ਬੂਤ ਸਮਰਥਨ ਮਿਲੇਗਾ।