ਇਤਲਾਹ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਦੱਸੀ ਗਈ ਜਗ੍ਹ ’ਤੇ ਛਾਪੇਮਾਰੀ ਕੀਤੀ। ਪੁਲਿਸ ਨੂੰ ਦੇਖ ਕੇ ਤਸਕਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਸੌਰਵ ਪੁੱਤਰ ਸੋਨੂੰ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 5 ਕਿਲੋ 10 ਗ੍ਰਾਮ ਹੈਰੋਇਨ, ਇਕ ਖਾਲੀ ਕਿੱਟ ਬੈਗ ਅਤੇ ਇਕ ਮੋਬਾਈਲ ਫੋਨ ਬਰਾਮਦ ਹੋਇਆ।
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ ਇਕ ਮੁੱਖ ਤਸਕਰ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ, ਜਦਕਿ ਉਸ ਦਾ ਦੂਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਉਕਤ ਤਸਕਰਾਂ ਖਿਲਾਫ ਐੱਨਡੀਪੀਐੱਸ ਐਕਟ ਕਮਰਸ਼ੀਅਲ ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿਚ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।
ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਇਲਾਕੇ ਵਿਚ ਮੌਜ਼ੂਦ ਸੀ। ਇਸ ਦੌਰਾਨ ਪੁਲਿਸ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਵੰਸ਼ ਪੁੱਤਰ ਧਾਲਾ ਅਤੇ ਸੌਰਵ ਪੁੱਤਰ ਸੋਨੂੰ ਦੋਵੇਂ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰ ਰਹੇ ਹਨ। ਮੁਖਬਰ ਨੇ ਦੱਸਿਆ ਕਿ ਅੱਜ ਸੌਰਵ ਇਕ ਕਿੱਟ ਬੈਗ ਵਿਚ ਭਾਰੀ ਮਾਤਰਾ ਵਿਚ ਹੈਰੋਇਨ ਲੈ ਕੇ ਇਕ ਕਰਿਆਨੇ ਦੀ ਦੁਕਾਨ ਦੇ ਨੇੜੇ ਵਾਲੀ ਭੀੜੀ ਗਲੀ ਵਿਚ ਆ ਰਿਹਾ ਹੈ। ਇਤਲਾਹ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਦੱਸੀ ਗਈ ਜਗ੍ਹ ’ਤੇ ਛਾਪੇਮਾਰੀ ਕੀਤੀ।
ਪੁਲਿਸ ਨੂੰ ਦੇਖ ਕੇ ਤਸਕਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਸੌਰਵ ਪੁੱਤਰ ਸੋਨੂੰ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 5 ਕਿਲੋ 10 ਗ੍ਰਾਮ ਹੈਰੋਇਨ, ਇਕ ਖਾਲੀ ਕਿੱਟ ਬੈਗ ਅਤੇ ਇਕ ਮੋਬਾਈਲ ਫੋਨ ਬਰਾਮਦ ਹੋਇਆ। ਹਾਲਾਂਕਿ, ਉਸ ਦਾ ਦੂਜਾ ਸਾਥੀ ਵੰਸ਼ ਪੁੱਤਰ ਧਾਲਾ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਰਿਹਾ, ਜਿਸ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਇਹ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਤੇ ਇਹ ਸਪਲਾਈ ਅੱਗੇ ਕਿਹੜੇ ਵਿਅਕਤੀਆਂ ਨੂੰ ਦਿੱਤੀ ਜਾਣੀ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਤਸਕਰ ਦੇ ਮੋਬਾਈਲ ਫੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ ਤਾਂ ਜੋ ਉਸ ਦੇ ਸੰਪਰਕਾਂ ਅਤੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।