ਆਭਾ ਆਈਡੀ ’ਚ ਦਰਜ ਹੋਵੇਗਾ ਮੈਡੀਕਲ ਰਿਕਾਰਡ : ਡਾ. ਕਵਿਤਾ ਸਿੰਘ
ਆਭਾ ਆਈ.ਡੀ ਵਿੱਚ ਦਰਜ ਹੋਵੇਗਾ ਮੈਡੀਕਲ ਰਿਕਾਰਡ : ਡਾ. ਕਵਿਤਾ ਸਿੰਘ
Publish Date: Mon, 23 Feb 2026 04:31 PM (IST)
Updated Date: Mon, 23 Feb 2026 04:34 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫ਼ਾਜ਼ਿਲਕਾ : ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਡਾ.ਕਵਿਤਾ ਸਿੰਘ ਸਿਵਲ ਸਰਜਨ ਫਾਜਿਲਕਾ ਦੀ ਉਚੇਚੀ ਅਗਵਾਈ ਵਿੱਚ ਜਿਥੇ ਜਿਲ੍ਹੇ ਦੀ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਵਧੀਆ ਇਲਾਜ ਕੀਤਾ ਜਾ ਰਿਹਾ ਹੈ, ਉਥੇ ਇਸ ਇਲਾਜ ਲਈ ਇੱਕ ਹੋਰ ਕਦਮ ਵਧਾਉਂਦਿਆਂ ਇਸ ਇਲਾਜ ਨੂੰ ਆਯੂਸ਼ਮਾਨ ਭਾਰਤ ਡਿਜ਼ੀਟਲ ਅਕਾਊਂਟ (ਆਭਾ) ਯੋਜਨਾ ਤਹਿਤ ਆਨਲਾਈਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਓ ਪੀ ਡੀ ਦੀਆਂ ਲੰਮੀਆਂ ਲਾਈਨਾਂ ਤੋਂ ਬਚਣ ਲਈ ਜਿਲ੍ਹਾ ਨਿਵਾਸੀਆਂ ਨੂੰ ਤੁਰੰਤ ਆਭਾ ਆਈ ਡੀ ਬਨਾਉਣੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਆਪਣੀ ਆਭਾ ਆਈ.ਡੀ ਬਨਾਉਣ ਨਾਲ ਮਰੀਜ਼ ਨੂੰ ਇੱਕ ਹਸਪਤਾਲ ਤੋਂ ਦੂਸਰੇ ਹਸਪਤਾਲ ਵਿੱਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੇ ਕਾਗਜਾਤ ਜਿਵੇਂ ਮੈਡੀਕਲ ਰਿਪੋਰਟਾਂ, ਐਕਸਰੇ ਆਦਿ ਕੋਈ ਵੀ ਦਸਤਾਵੇਜ ਨਾਲ ਚੁੱਕਣ ਦੀ ਜਰੂਰਤ ਨਹੀਂ ਰਹੇਗੀ, ਕਿਉਂਕਿ ਸਬੰਧਿਤ ਡਾਕਟਰ ਇਹ ਸਾਰਾ ਡਾਟਾ ਆਭਾ ਆਈ.ਡੀ ਤੋਂ ਚੈੱਕ ਕਰਨ ਦੇ ਸਮਰਥ ਹੋਣਗੇ ਅਤੇ ਮਰੀਜ਼ ਨੂੰ ਇੱਕ ਤੋਂ ਦੁਸਰੇ ਡਾਕਟਰ ਕੋਲ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਹਨਾਂ ਕਿਹਾ ਕਿ ਅਚਾਨਕ ਸਿਹਤ ਸਮੱਸਿਆ ਆਉਣ ਸਮੇਂ ਪਹਿਲਾਂ ਹੋਏ ਇਲਾਜ ਸਬੰਧੀ ਕਾਗਜਾਤ, ਰਿਪੋਰਟਾਂ ਆਦਿ ਦਿਖਾਉਣੀਆਂ ਪੈਂਦੀਆਂ ਹਨ। ਕਈ ਵਾਰ ਅਜਿਹੀਆਂ ਰਿਪੋਰਟਾਂ ਉਪਲੱਭਧ ਨਾ ਹੋਣ ਕਾਰਨ ਮਰੀਜ਼ ਦੇ ਇਲਾਜ ਵਿਚ ਦੇਰੀ ਹੁੰਦੀ ਸੀ। ਇਸ ਦੇਰੀ ਨੂੰ ਖਤਮ ਕਰਨ ਅਤੇ ਰਿਪੋਰਟਾਂ ਆਦਿ ਦੀ ਅੜਚਣ ਨੂੰ ਖਤਮ ਕਰਨ ਦੇ ਮਨੋਰਥ ਨਾਲ ਲੋਕਾਂ ਦੀ ਆਭਾ ਆਈ.ਡੀ ਬਣਾਈ ਜਾ ਰਹੀ ਹੈ। ਉਨ੍ਹਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਬਿਹਤਰੀਨ ਸਿਹਤ ਸਹੂਲਤਾਂ ਲੈਣ ਅਤੇ ਇਲਾਜ ਸਮੇਂ ਰਿਪੋਰਟਾਂ ਦਾ ਬੋਝ ਚੁੱਕਣ ਤੋਂ ਮੁਕਤ ਹੋਣ ਲਈ ਆਭਾ ਆਈ.ਡੀ ਜਰੂਰ ਬਣਾਓ, ਜੋ ਸਮੂਹ ਸਿਹਤ ਕੇਂਦਰ ਵਿਚ ਬਿਲਕੁਲ ਮੁਫਤ ਬਣਾਈ ਜਾ ਰਹੀਆਂ ਹਨ। ਕੋਈ ਵੀ ਵਿਅਕਤੀ ਇਸਦਾ ਬਾਰ ਕੋਡ ਸਕੈਨ ਕਰਕੇ ਜਾਂ ਆਨਲਾਈਨ ਸਹੂਲਤ ਰਾਹੀਂ ਆਪਣੀ ਆਭਾ ਆਈ.ਡੀ ਖੁਦ ਬਣਾ ਸਕਦਾ ਹੈ, ਜਿਸ ਲਈ ਮੋਬਾਇਲ ਲਿੰਕ ਆਧਾਰ ਕਾਰਡ ਨੰਬਰ ਦੀ ਜਰੂਰਤ ਹੁੰਦੀ ਹੈ। ਮਾਸ ਮੀਡੀਆ ਵਿੰਗ ਵੱਲੋਂ ਵਿਨੋਦ ਖੁਰਾਣਾ, ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਇਸ ਆਭਾ ਆਈ.ਡੀ ਦਾ ਫਾਇਦਾ ਹੈ ਕਿ ਜਦੋਂ ਤੁਸੀਂ ਕਿਸੇ ਵੀ ਹਸਪਤਾਲ ਵਿਚ ਪੁੱਜ ਕੇ ਉਥੇ ਲੱਗੇ ਕਿਊ. ਆਰ. ਕੋਡ ਨੂੰ ਸਕੈਨ ਕਰੋਗੇ ਤਾਂ ਬਿਨ੍ਹਾਂ ਲਾਈਨ ਵਿਚ ਸਮਾਂ ਖਰਾਬ ਕੀਤੇ ਤੁਹਾਡੀ ਪਰਚੀ ਕੱਟੀ ਜਾ ਸਕੇਗੀ, ਜਿਸ ਨਾਲ ਇਲਾਜ ਵਿੱਚ ਹੋਣ ਵਾਲੀ ਦੇਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ।