ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਸਬੰਧੀ ਜ਼ਿਲ੍ਹੇ ’ਚ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਹਰਜੋਤ ਬੈਂਸ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਤਰਨਪ੍ਰੀਤ ਸਿੰਘ ਸੌਂਦ, ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵੱਲੋਂ ਕੀਤੀ ਗਈ।
Publish Date: Sat, 11 Oct 2025 04:21 PM (IST)
Updated Date: Sat, 11 Oct 2025 04:23 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਤਰਨਪ੍ਰੀਤ ਸਿੰਘ ਸੌਂਦ, ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵੱਲੋਂ ਕੀਤੀ ਗਈ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜ਼ਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐੱਸਐੱਸਪੀ ਭੁਪਿੰਦਰ ਸਿੰਘ ਅਤੇ ਸੰਜੀਵ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀ ਕਰ ਰਹੀ ਹੈ। ਜਿਸ ਦੇ ਸਬੰਧ ਵਿਚ ਵੱਖ ਵੱਖ ਸਥਾਨਾਂ ਤੋਂ ਨਗਰ ਕੀਰਤਨ ਕੱਢੇ ਜਾਣਗੇ ਅਤੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੁ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਸਵੇਰੇ 8 ਵਜੇ ਆਰੰਭ ਹੋ ਕੇ ਫਿਰੋਜ਼ਪੁਰ ਵਿਖੇ ਪਹੁੰਚੇਗਾ, ਫਿਰੋਜ਼ਪੁਰ ਵਿਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਮੋਗਾ, ਜਗਰਾਓ, ਲੁਧਿਆਣਾ ਤੇ ਹੋਰ ਵੱਖ ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਹੰਚੇਗਾ। ਉਨ੍ਹਾਂ ਕਿਹਾ ਕਿ 18 ਨਵੰਬਰ ਤੋਂ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਕੁੱਲ 4 ਨਗਰ ਕੀਰਤਨ ਕੱਢੇ ਜਾਣਗੇ ਜੋ ਕਿ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਖੇ ਪਹੁੰਚਣਗੇ। ਇਹ ਚਾਰੇ ਨਗਰ ਕੀਰਤਨ ਪੰਜਾਬ ਦੇ ਜ਼ਿਆਦਾਤਰ ਹਿੱਸਿਆ ਨੂੰ ਕਵਰ ਕਰਨਗੇ। ਇਸ ਤੋਂ ਇਲਾਵਾ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਨੂੰ ਦਰਸਾਉਂਦੇ 1 ਨਵੰਬਰ ਤੋਂ 18 ਨਵੰਬਰ ਤੱਕ ਵੱਖ ਵੱਖ ਸ਼ਹਿਰ ਵਿਚ ਲਾਈਟ ਐਂਡ ਸਾਊਂਡ ਸ਼ੋਅ ਚਲਾਏ ਜਾਣਗੇ ਅਤੇ ਫਿਰੋਜ਼ਪੁਰ ਵਿਚ ਵੀ ਲਾਈਟ ਐਂਡ ਸਾਂਊਂਡ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਹਾਜ਼ਾਰਾਂ ਦੀ ਗਿਣਤੀ ਵਿਚ ਸੰਗਤ ਸ਼ਿਰਕਤ ਕਰੇਗੀ। 23 ਤੋਂ 25 ਤੱਕ ਸ੍ਰੀ ਆਨੰਦਰਪੁਰ ਸਾਹਿਬ ਵਿੱਖ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾਣਗੇ।
ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮਾਂ ਦੀਆਂ ਤਿਆਰੀਆਂ ਜਿਵੇਂ ਕਿ ਸੜਕਾਂ ਦੀ ਮੁਰੰਮਤ, ਸਾਫ-ਸਫਾਈ, ਲਾਈਟਿੰਗ, ਰੂਟ ਪਲਾਨ ਆਦਿ ਪਹਿਲਾਂ ਤੋਂ ਹੀ ਕਰ ਲਈਆਂ ਜਾਣ ਅਤੇ ਇਹ ਡਿਊਟੀ ਸੇਵਾ ਸ਼ਰਧਾ ਦੀ ਭਾਵਨਾ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਅਤੇ ਨਗਰ ਕੀਰਤਨ ਵਾਲੇ ਦਿਨ ਧਾਰਮਿਕ ਮਰਿਆਦਾ ਦਾ ਪੂਰਾ ਖਿਆਲ ਰੱਖਿਆ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰ ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਦੀਪਕ ਬਾਲੀ ਐਡਵਾਈਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਲਾਸਾਨੀ ਹੈ ਜਿਸ ਦੀ ਮਿਸਾਲ ਦੁਨੀਆਂ ਵਿਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਪ੍ਰਦੇਸ਼ ਪੱਧਰ ਤੇ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਅਪੀਲ ਹੈ ਕਿ ਧਰਮ ਤੇ ਜਾਤੀ ਨੂੰ ਪਿੱਛੇ ਛੱਡਦੇ ਹੋਏ ਗੁਰੂ ਸਾਹਿਬਾਨ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ/ਸਮਾਗਮਾਂ ਵਿਚ ਸ਼ਾਮਲ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸ਼ਹੀਦੀ ਸਮਾਗਮਾਂ ਦਾ ਹਿੱਸਾ ਬਣਕੇ ਇਸ ਨੂੰ ਸ਼ਰਧਾ ਨਾਲ ਮਨਾਉਣ ਤਾਂ ਜੋ ਇਨ੍ਹਾਂ ਲਾਸਾਨੀ ਕੁਰਬਾਨੀਆਂ ਨੂੰ ਦੇਸ਼ ਦੁਨੀਆਂ ਦੇ ਲੋਕਾਂ ਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਿੱਧੀ ਕੁਮੁਦ ਬੰਬਾਹ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।