ਵਿਧਾਇਕ ਗੋਲਡੀ ਕੰਬੋਜ ਨੇ ਪਾਰਕ ਦਾ ਕੀਤਾ ਉਦਘਾਟਨ
ਵਿਧਾਇਕ ਗੋਲਡੀ ਕੰਬੋਜ ਨੇ ਪਾਰਕ ਸ਼ਹੀਦ ਮਦਨ ਲਾਲ ਧੀਂਗੜਾ ਪਾਰਕ ਦਾ ਕੀਤਾ ਉਦਘਾਟਨ
Publish Date: Thu, 07 May 2026 04:55 PM (IST)
Updated Date: Fri, 08 May 2026 04:06 AM (IST)
ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਲਾਲਾਬਾਦ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਵੱਲੋਂ “10 ਦਿਨ 10 ਵੱਡੇ ਐਲਾਨ” ਪ੍ਰੋਗਰਾਮ ਅਧੀਨ ਵਾਰਡ ਨੰਬਰ 15 ਵਿੱਚ ਸ਼ਹੀਦ ਮਦਨ ਲਾਲ ਧੀਂਗੜਾ ਨੂੰ ਸਮਰਪਿਤ ਨਵੇਂ ਤਿਆਰ ਕੀਤੇ ਪਾਰਕ ਅਤੇ ਦਸਮੇਸ਼ ਨਗਰੀ ਦੀ ਲਹਿਰੀ ਵਾਲੀ ਗਲੀ ਵਿੱਚ ਬਣੀ ਇੰਟਰਲਾਕ ਗਲੀ ਦਾ ਉਦਘਾਟਨ ਕੀਤਾ ਗਿਆ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਮਹਿਲਾਵਾਂ ਨਾਲ ਮਿਲ ਕੇ ਪਾਰਕ ਅੰਦਰ ਪੌਦੇ ਵੀ ਲਗਾਏ ਗਏ। ਇਸ ਮੌਕੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਵਿਕਾਸ ਦੇ ਕੰਮਾਂ ਦੀ ਖੂਬ ਸ਼ਲਾਘਾ ਕੀਤੀ ਗਈ।
ਹਲਕਾ ਵਾਸੀਆਂ ਨੇ ਕਿਹਾ ਕਿ ਪਹਿਲਾਂ ਜਿੱਥੇ ਲੋਕ ਮੁੱਢਲੀਆਂ ਸਹੂਲਤਾਂ ਲਈ ਤਰਸਦੇ ਰਹਿੰਦੇ ਸਨ ਉੱਥੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਵਿੱਚ ਹਰ ਵਾਰਡ ’ਚ ਵਿਕਾਸ ਦੇ ਕੰਮ ਤੇਜ਼ੀ ਨਾਲ ਹੋ ਰਹੇ ਹਨ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਜਲਾਲਾਬਾਦ ਦੇ ਹਰ ਵਾਰਡ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ ਤਾਂ ਜੋ ਸ਼ਹਿਰ ਦੀ ਤਸਵੀਰ ਪੂਰੀ ਤਰ੍ਹਾਂ ਬਦਲੀ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ ਰਹੀ ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਕਰਵਾ ਕੇ ਲੋਕਾਂ ਦਾ ਭਰੋਸਾ ਜਿੱਤ ਰਹੀ ਹੈ। ਵਿਧਾਇਕ ਨੇ ਆਖਿਆ ਨਵਾਂ ਪਾਰਕ ਬਣਨ ਨਾਲ ਬੱਚਿਆਂ ਅਤੇ ਬਜ਼ੁਰਗਾਂ ਨੂੰ ਸੈਰ ਅਤੇ ਮਨੋਰੰਜਨ ਲਈ ਵਧੀਆ ਥਾਂ ਮਿਲੇਗੀ ਜਦਕਿ ਇੰਟਰਲਾਕ ਗਲੀ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਇਸ ਮੌਕੇ ਨਗਰ ਕੌਂਸਲ ਜਲਾਲਾਬਾਦ ਦੇ ਸਾਬਕਾ ਵਾਇਸ ਪ੍ਰਧਾਨ ਅਨੀਤਾ ਸੇਤੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।