ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ : ਗੋਲਡੀ
ਪਿੰਡ ਜੋੜਕੀ ਅੰਧੇ ਵਾਲੀ ਵਿਖੇ ਵਿਧਾਇਕ ਨੇ ਪੱਕੇ ਨਹਿਰੀ ਖਾਲ ਦਾ ਨੀਂਹ ਪੱਥਰ ਰੱਖਿਆ
Publish Date: Sat, 02 May 2026 04:30 PM (IST)
Updated Date: Sat, 02 May 2026 04:32 PM (IST)

ਪਿੰਡ ਜੋੜਕੀ ਅੰਧੇ ਵਾਲੀ ਵਿਖੇ ਵਿਧਾਇਕ ਨੇ ਪੱਕੇ ਨਹਿਰੀ ਖਾਲ ਦਾ ਨੀਂਹ ਪੱਥਰ ਰੱਖਿਆ ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਹਲਕਾ ਜਲਾਲਾਬਾਦ ਦੇ ਪਿੰਡਾਂ ਵਿੱਚ ਵਿਕਾਸ ਦੀ ਲਹਿਰ ਨੂੰ ਹੋਰ ਮਜ਼ਬੂਤੀ ਦਿੰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅੱਜ ਪਿੰਡ ਜੋੜਕੀ ਅੰਧੇ ਵਾਲਾ ਵਿਖੇ ਕਰੀਬ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੱਕੇ ਨਹਿਰੀ ਖਾਲ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਵਿਧਾਇਕ ਦਾ ਧੰਨਵਾਦ ਵੀ ਕੀਤਾ। ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਲਕੇ ਦੇ ਹਰ ਪਿੰਡ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪੱਕੇ ਨਹਿਰੀ ਖਾਲ ਦੇ ਬਣਨ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ ਅਤੇ ਖੇਤੀਬਾੜੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਕੱਚੇ ਖਾਲਾਂ ਕਾਰਨ ਪਾਣੀ ਦੀ ਬਰਬਾਦੀ ਅਤੇ ਕਿਸਾਨਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਪੱਕਾ ਖਾਲ ਬਣਨ ਨਾਲ ਪਾਣੀ ਦੀ ਸੁਚੱਜੀ ਵੰਡ ਯਕੀਨੀ ਬਣੇਗੀ। ਵਿਧਾਇਕ ਨੇ ਇਹ ਵੀ ਦੱਸਿਆ ਕਿ ਹਲਕੇ ਵਿੱਚ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਖੇਤੀਬਾੜੀ ਨਾਲ ਜੁੜੇ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਅੱਜ ਪੂਰਾ ਕੀਤਾ ਗਿਆ ਹੈ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤ ਮੈਂਬਰ, ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।