ਛੇਤੀ ਪੂਰਾ ਹੋਵੇਗਾ ਸੀਵਰੇਜ ਤੇ ਪਾਣੀ ਦੀ ਪਾਈਪਲਾਈਨ ਪ੍ਰਾਜੈਕਟ : ਸਵਨਾ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਫਾਜ਼ਿਲਕਾ ਵਿੱਚ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ, ਮੌਕੇ ‘ਤੇ ਕੀਤਾ ਨਿਪਟਾਰਾ
Publish Date: Fri, 08 May 2026 04:42 PM (IST)
Updated Date: Fri, 08 May 2026 04:44 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦਫਤਰ ਫਾਜ਼ਿਲਕਾ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮੁੱਦਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਵੀ ਕੀਤੀ। ਵਿਧਾਇਕ ਸਵਨਾ ਨੇ ਕਿਹਾ ਕਿ ਸ਼ਹਿਰ ਵਿੱਚ ਜਿਹੜੇ ਵਿਕਾਸ ਕੰਮ ਜਾਰੀ ਹਨ, ਉਹ ਆਉਣ ਵਾਲੇ ਦਿਨਾਂ ਵਿੱਚ ਪੂਰੇ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਸੜਕਾਂ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਸ਼ਹਿਰ ਦੀ ਸੁੰਦਰਤਾ ਨਾਲ ਜੁੜੇ ਪ੍ਰੋਜੈਕਟਾਂ ‘ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਪ੍ਰੋਜੈਕਟ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ ਫਾਜ਼ਿਲਕਾ ਸ਼ਹਿਰ ਲਈ ਵੱਡੇ ਫੰਡ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਦੀ ਪਾਈਪਲਾਈਨ ਲਈ ਲਗਭਗ 7 ਕਰੋੜ ਰੁਪਏ, ਨਵਾਂ ਸੀਵਰੇਜ ਸਿਸਟਮ ਲਈ 5 ਕਰੋੜ 82 ਲੱਖ ਰੁਪਏ ਅਤੇ ਇੰਟਰਲੋਕ ਟਾਈਲਾਂ ਲਈ ਕਰੀਬ 7 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਵਿਕਾਸ ਫੰਡ ਸ਼ਹਿਰ ਵਿੱਚ ਲਗਾਏ ਜਾ ਰਹੇ ਹਨ। ਵਿਧਾਇਕ ਸਵਨਾ ਨੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਪੂਰੀ ਤਰ੍ਹਾਂ ਤਿਆਰ ਹਨ ਅਤੇ ਫਾਜ਼ਿਲਕਾ ਦੀਆਂ 25 ਵਿੱਚੋਂ 25 ਸੀਟਾਂ ਸ਼ਾਨ ਨਾਲ ਜਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 600 ਯੂਨਿਟ ਮੁਫ਼ਤ ਬਿਜਲੀ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਅਤੇ ਮਹਿਲਾਵਾਂ ਲਈ ਆਰਥਿਕ ਸਹਾਇਤਾ ਯੋਜਨਾਵਾਂ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਫਾਜ਼ਿਲਕਾ ਸ਼ਹਿਰ ਵਿੱਚ ਕਈ ਸੜਕਾਂ ਨਵੀਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਘੰਟਾ ਘਰ ਦੇ ਆਸ-ਪਾਸ ਦੀਆਂ ਸੜਕਾਂ, ਰਾਜਾ ਚੌਂਕ ਤੋਂ ਵੱਡਾ ਹਨੁਮਾਨ ਮੰਦਰ ਤੱਕ ਅਤੇ ਮਾਰ ਕਾਲਜ ਤੱਕ ਦੀਆਂ ਸੜਕਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ਿਵਪੁਰੀ ਰੋਡ, ਮੇਰੀਆ ਬਾਜ਼ਾਰ ਤੋਂ ਗਾਂਧੀ ਚੌਂਕ ਅਤੇ ਪਟਵਾਰਖਾਨਾ ਰੋਡ ਵੀ ਨਵੀਂ ਬਣਾਈ ਜਾ ਚੁੱਕੀ ਹੈ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਹੀ ਸਰਕਾਰ ਦੀ ਪਹਿਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਫਾਜ਼ਿਲਕਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ।