ਲੋਕਾਂ ਦੀਆਂ ਲੋੜਾਂ ਅਨੁਸਾਰ ਲਾਗੂ ਕੀਤੀ ਜਾ ਰਹੀਆਂ ਲੋਕ-ਭਲਾਈ ਸਕੀਮਾਂ : ਵਿਧਾਇਕ ਭੁੱਲਰ
ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮ੍ਰਿਤਸਰ ਨੂੰ ਤੀਜੀ ਬੱਸ ਰਵਾਨਾ
Publish Date: Mon, 09 Feb 2026 03:26 PM (IST)
Updated Date: Mon, 09 Feb 2026 03:29 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਤੀਜੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਮਹੱਤਵਪੂਰਨ ਅਤੇ ਲੋਕ ਪੱਖੀ ਯੋਜਨਾ ਹੈ, ਜਿਸ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਖਾਸ ਕਰਕੇ ਵੱਡੀ ਉਮਰ ਦੇ ਨਾਗਰਿਕਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਬੱਸ ਰਾਹੀਂ ਸ਼ਰਧਾਲੂ, ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਅਸਥਾਨਾਂ ਦੇ ਦਰਸ਼ਨ ਕਰਨਗੇ। ਇਸ ਤੋਂ ਇਲਾਵਾ ਹੋਰ ਸਥਾਨ ਜਿਵੇਂ ਕਿ ਪਾਰਟੀਸ਼ਨ ਮਿਊਜ਼ਿਅਮ, ਜਲਿਆਂਵਾਲਾ ਬਾਗ਼ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰੇਮਨੀ ਵੀ ਵਿਖਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਵੀ ਯਾਤਰਾ ਦੌਰਾਨ ਕੋਈ ਦਿੱਕਤ ਨਾ ਆਵੇ। ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ, ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਾਤਾਰ ਲੋਕ-ਭਲਾਈ ਸਕੀਮਾਂ ਲਾਗੂ ਕਰ ਰਹੀ ਹੈ। ਇਸ ਮੌਕੇ ਯਾਤਰੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ। ਰਣਬੀਰ ਸਿੰਘ ਭੁੱਲਰ ਨੇ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।