ਰੇਲਵੇ ਲਾਈਨ ’ਤੇ ਨਵੇਂ ਪੁਲ ਦਾ ਵਿਧਾਇਕ ਨੇ ਕੀਤਾ ਉਦਘਾਟਨ
ਸਾਦਕੀ ਬਾਰਡਰ ਰੋਡ ‘ਤੇ ਰੇਲਵੇ ਲਾਈਨ ਉੱਪਰ ਨਵੇਂ ਪੁੱਲ ਦਾ ਵਿਧਾਇਕ ਸਵਣਾ ਨੇ ਉਦਘਾਟਨ ਕੀਤਾ
Publish Date: Thu, 30 Apr 2026 05:59 PM (IST)
Updated Date: Thu, 30 Apr 2026 06:02 PM (IST)
ਰਮਨ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਤੋਂ ਸਾਦਕੀ ਬਾਰਡਰ ਰੋਡ ’ਤੇ ਪੈਂਦੀ ਰੇਲਵੇ ਲਾਈਨ ਉੱਪਰ 38 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਨਵੇਂ ਪੁਲ ਦਾ ਉਦਘਾਟਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਕੀਤਾ ਗਿਆ ਅਤੇ ਇਸ ਨੂੰ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸਵਨਾ ਨੇ ਹਲਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪੁਲ ਇਲਾਕੇ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਸੀ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇੱਥੇ ਪੁਲ ਨਾ ਹੋਣ ਕਾਰਨ ਲੋਕਾਂ ਨੂੰ ਰੇਲਗੱਡੀ ਲੰਘਣ ਤੱਕ ਲੰਮਾ ਇੰਤਜ਼ਾਰ ਕਰਨਾ ਪੈਂਦਾ ਸੀ ਅਤੇ ਕਈ ਵਾਰ ਪਿੰਡਾਂ ਰਾਹੀਂ ਵੱਡਾ ਚੱਕਰ ਕੱਟਣਾ ਪੈਂਦਾ ਸੀ। ਹੁਣ ਪੁਲ ਦੇ ਬਣਨ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਆਵਾਜਾਈ ਸੁਗਮ ਹੋਵੇਗੀ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਲਈ ਕੰਮ ਕਰ ਰਹੀ ਹੈ। ਸੜਕਾਂ, ਸਿਹਤ, ਸਿੱਖਿਆ ਅਤੇ ਪਿੰਡਾਂ ਦੇ ਢਾਂਚਾਗਤ ਵਿਕਾਸ ਵਿੱਚ ਤੇਜ਼ੀ ਨਾਲ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਿੰਡਾਂ ਦੇ ਪ੍ਰਤੀਨਿਧੀਆਂ ਸਮੇਤ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਸਥਾਨਕ ਲੋਕ ਮੌਜੂਦ ਸਨ।