ਸਰਕਾਰ ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ : ਵਿਧਾਇਕ ਕਟਾਰੀਆ
ਵਿਧਾਇਕ ਜ਼ੀਰਾ ਵੱਲੋਂ ਸਿੱਖਿਆ ਕ੍ਰਾਂਤੀ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹ ਅਬੂ ਬੁੱਕਰ ਵਿਖੇ ਨਵੀਆਂ ਸਹੂਲਤਾਂ ਦਾ ਉਦਘਾਟਨ
Publish Date: Fri, 01 May 2026 04:56 PM (IST)
Updated Date: Fri, 01 May 2026 04:59 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਚਲਾਈ ਜਾ ਰਹੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹ ਅਬੂ ਬੁੱਕਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਕੂਲ ਵਿੱਚ ਨਵੇਂ ਅਤਿ- ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸ਼ਾਹ ਅਬੂ ਬੁੱਕਰ ਦੇ ਇਸ ਸਕੂਲ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਨਾਲ ਇਲਾਕੇ ਦੇ ਬੱਚਿਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਸਰਕਾਰੀ ਸਕੂਲ ਵਿੱਚ ਹੀ ਮਿਲਣਗੀਆਂ। ਉਨ੍ਹਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮਿਲ ਕੇ ਕੰਮ ਕਰਨ। ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਮੇਲ ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੇ ਸਹਿਯੋਗ ਨਾਲ ਸਕੂਲ ਵਿਚ ਆਈਆਂ ਨਵੀਆਂ ਸਹੂਲਤਾਂ ਵਿਦਿਆਰਥੀਆਂ ਦੇ ਮਿਆਰੀ ਵਿਕਾਸ ਵਿੱਚ ਸਹਾਈ ਹੋਣਗੀਆਂ। ਸਕੂਲ ਇੰਚਾਰਜ਼ ਗੁਰਵੰਤ ਕੌਰ ਨੇ ਵਿਧਾਇਕ ਨਰੇਸ਼ ਕਟਾਰੀਆ ਅਤੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਖਾਲਸਾ, ਪੰਚਾਇਤ ਮੈਂਬਰ,ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।