ਪੰਜਾਬ ਸਰਕਾਰ ਨੇ ਵਿਕਾਸ ਦੇ ਨਵੇਂ ਰਿਕਾਰਡ ਕਾਇਮ ਕੀਤੇ : ਵਿਧਾਇਕ ਭੁੱਲਰ
ਨਗਰ ਕੌਂਸਲ ਚੋਣਾਂ ਨਗਰ ਕੌਂਸਲ ਚੋਣਾਂ ਨਗਰ ਕੌਂਸਲ ਚੋਣਾਂ
Publish Date: Sun, 24 May 2026 03:47 PM (IST)
Updated Date: Sun, 24 May 2026 03:49 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਨਗਰ ਕੌਂਸਲ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਹੀ ਸਿਆਸੀ ਧਿਰਾਂ ਵੱਲੋਂ ਚੋਣ ਪ੍ਰਚਾਰ ਵਿਚ ਪੂਰੀ ਤਾਕਤ ਲਗਾ ਦਿੱਤੀ ਹੈ। ਇਸੇ ਤਰ੍ਹਾਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਹਲਕੇ ਵਿਚ ਪੂਰੇ ਜੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚੋਣ ਜਲਸਿਆਂ ਅਤੇ ਘਰ-ਘਰ ਪ੍ਰਚਾਰ ਦੌਰਾਨ ਹਲਕੇ ਦੇ ਲੋਕਾਂ ਵੱਲੋਂ ‘ਆਪ’ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਅਤੇ ਵੱਡਾ ਸਮਰਥਨ ਮਿਲ ਰਿਹਾ ਹੈ। ਇਸ ਸਬੰਧੀ ਵਿਧਾਇਕ ਰਣਬੀਰ ਭੁੱਲਰ ਨੇ ਆਖਿਆ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚੋਣ ਮਾਹੌਲ ਪੂਰੀ ਤਰ੍ਹਾਂ ਭਗਵੰਤ ਮਾਨ ਸਰਕਾਰ ਦੇ ਰੰਗ ਵਿਚ ਰੰਗਿਆ ਨਜ਼ਰ ਆ ਰਿਹਾ ਹੈ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਾਰਡਾਂ ਦਾ ਦੌਰਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਇਮਾਨਦਾਰ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿਚ ਭੇਜਣ। ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਸੂਬੇ ਵਿੱਚ ਵਿਕਾਸ ਦੇ ਨਵੇਂ ਰਿਕਾਰਡ ਕਾਇਮ ਕੀਤੇ ਹਨ। ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਮਿਆਰੀ ਸਿੱਖਿਆ ਅਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਰਗੀਆਂ ਇਤਿਹਾਸਕ ਪ੍ਰਾਪਤੀਆਂ ਕਾਰਨ ਅੱਜ ਬੱਚਾ-ਬੱਚਾ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਰਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਤੋਂ ਤੰਗ ਹਨ ਅਤੇ ਹੁਣ ਸਥਾਨਕ ਸਰਕਾਰਾਂ ਵਿੱਚ ਵੀ ਬਦਲਾਅ ਚਾਹੁੰਦੇ ਹਨ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਅਵਾ ਕੀਤਾ ਕਿ ਸ਼ਹਿਰ ਦੇ ਨਿਵਾਸੀਆਂ ਵੱਲੋਂ ਮਿਲ ਰਿਹਾ ਪਿਆਰ ਅਤੇ ਵਿਸ਼ਵਾਸ ਇਸ ਗੱਲ ਦਾ ਸਬੂਤ ਹੈ ਕਿ ਫਿਰੋਜ਼ਪੁਰ ਨਗਰ ਕੌਂਸਲ ’ਤੇ ‘ਆਪ’ ਦਾ ਪਰਚਮ ਲਹਿਰਾਉਣਾ ਤੈਅ ਹੈ। ਪ੍ਰਚਾਰ ਦੌਰਾਨ ਵੱਖ-ਵੱਖ ਵਾਰਡਾਂ ਦੇ ਵਸਨੀਕਾਂ, ਮਹਿਲਾਵਾਂ ਅਤੇ ਨੌਜਵਾਨਾਂ ਵੱਲੋਂ ਵਿਧਾਇਕ ਭੁੱਲਰ ਅਤੇ ਪਾਰਟੀ ਉਮੀਦਵਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਲੋਕਾਂ ਨੇ ਭਰੋਸਾ ਦਿੱਤਾ ਕਿ ਉਹ ਵਿਕਾਸ ਦੇ ਨਾਂ ’ਤੇ ਵੋਟ ਪਾਉਣਗੇ। ਇਸ ਮੌਕੇ ਹਿਮਾਂਸ਼ੂ ਠੱਕਰ, ਨੇਕ ਪ੍ਰਤਾਪ ਸਿੰਘ, ਰਾਜ ਬਹਾਦਰ ਸਿੰਘ, ਐਲਵਿਨ ਭੱਟੀ, ਗੁਰਭੇਜ ਸਿੰਘ ਤੋਂ ਇਲਾਵਾ ਪਾਰਟੀ ਦੇ ਹੋਰ ਵੀ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਹਾਜ਼ਰ ਸਨ।