ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ
ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ
Publish Date: Thu, 14 May 2026 06:02 PM (IST)
Updated Date: Fri, 15 May 2026 04:07 AM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੀਆਂ ਨਗਰ ਕੌਂਸਲ ਫ਼ਿਰੋਜ਼ਪੁਰ, ਜ਼ੀਰਾ, ਤਲਵੰਡੀ ਭਾਈ ਅਤੇ ਨਗਰ ਪੰਚਾਇਤ ਮੁੱਦਕੀ ਦੀਆਂ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਲਈ ਦੂਜੇ ਦਿਨ 25 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ, ਜਦਕਿ ਪਹਿਲੇ ਦਿਨ 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ। ਹੁਣ ਤੱਕ ਕੁਲ 30 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੂਜੇ ਦਿਨ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚੋਂ ਫ਼ਿਰੋਜ਼ਪੁਰ ਤੋਂ ਇਕ ਅਤੇ ਜ਼ੀਰਾ ਤੋਂ 24 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਮਿਤੀ 16 ਮਈ 2026 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਪ੍ਰਕਾਰ ਦੀ ਜਾਣਕਾਰੀ ਲਈ ਸੰਬਧਤ ਰਿਟਰਨਿੰਗ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 128457 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨ੍ਹਾਂ ’ਚੋਂ 61091 ਮਰਦ ਅਤੇ 67360 ਔਰਤਾਂ ਜਦਕਿ 6 ਅਦਰ ਵੋਟਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 76 ਵਾਰਡਾਂ ਵਿੱਚ 145 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਿੱਚ 33 ਵਾਰਡ ਤੇ 85 ਪੋਲਿੰਗ ਬੂਥ, ਮੁੱਦਕੀ ਨਗਰ ਪੰਚਾਇਤ ਵਿਚ 13 ਵਾਰਡ ਤੇ 13 ਪੋਲਿੰਗ ਬੂਥ, ਨਗਰ ਕੌਂਸਲ ਤਲਵੰਡੀ ਭਾਈ ਵਿਚ 13 ਵਾਰਡ ਤੇ 16 ਪੋਲਿੰਗ ਬੂਥ, ਨਗਰ ਕੌਂਸਲ ਜ਼ੀਰਾ ਵਿਚ 17 ਵਾਰਡ ਤੇ 31 ਪੋਲਿੰਗ ਬੂਥ ਬਣਾਏ ਗਏ ਹਨ। 18 ਮਈ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 19 ਮਈ ਨੂੰ ਉਮੀਦਵਾਰ ਨਾਮਜਦਗੀ ਪੱਤਰ ਵਾਪਸ ਲੈ ਸਕਦੇ ਹਨ। 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਲਾਲਚ ਦੇ ਪੂਰੀ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕੀਤੀ।