ਜਲਾਲਾਬਾਦ ਵਿੱਚ ਪੁਰਾਣੇ ਸਿਵਲ ਹਸਪਤਾਲ ਦੀ ਥਾਂ ਬਣੇਗਾ ਨਵਾਂ ਪ੍ਰਾਇਮਰੀ ਹੈਲਥ ਸੈਂਟਰ
ਜਲਾਲਾਬਾਦ ਵਿੱਚ ਪੁਰਾਣੇ ਸਿਵਲ ਹਸਪਤਾਲ ਦੀ ਥਾਂ ਬਣੇਗਾ ਨਵਾਂ ਪ੍ਰਾਇਮਰੀ ਹੈਲਥ ਸੈਂਟਰ
Publish Date: Fri, 08 May 2026 06:04 PM (IST)
Updated Date: Fri, 08 May 2026 06:05 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਵਿੱਚ ਪੁਰਾਣੇ ਸਿਵਲ ਹਸਪਤਾਲ ਦੀ ਥਾਂ ਨਵੇਂ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਨਵਾਂ ਪ੍ਰਾਇਮਰੀ ਹੈਲਥ ਸੈਂਟਰ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਵਿਧਾਇਕ ਗੋਲਡੀ ਕੰਬੋਜ ਨੇ ਜਲਾਲਾਬਾਦ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਾਲਾਬਾਦ ਲਈ ਇਹ ਖੁਸ਼ਖਬਰੀ ਦਾ ਦਿਨ ਹੈ ਕਿ ਪੁਰਾਣੇ ਸਿਵਲ ਹਸਪਤਾਲ ਦੀ ਥਾਂ ਨਵਾਂ ਪ੍ਰਾਇਮਰੀ ਹੈਲਥ ਸੈਂਟਰ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਰਾਣਾ ਸਿਵਲ ਹਸਪਤਾਲ ਕਰੀਬ 13-14 ਸਾਲਾਂ ਤੋਂ ਬੰਦ ਪਿਆ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਤਾਂ ਜੋ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਸਿਹਤ ਸਹੂਲਤਾਂ ਮਿਲ ਸਕਣ। ਇਸ ਦੇ ਨਾਲ-ਨਾਲ ਸਰਕਾਰੀ ਹਸਪਤਾਲਾਂ ਦੀ ਨੁਹਾਰ ਬਦਲਣ ਦੇ ਨਾਲ ਆਧੁਨਿਕ ਸਹੂਲਤਾਂ ਨਾਲ ਨਵੇਂ ਹਸਪਤਾਲ ਵੀ ਤਿਆਰ ਕੀਤੇ ਜਾ ਰਹੇ ਹਨ। ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਸਰਕਾਰ ਦਾ ਮਨੋਰਥ ਪੰਜਾਬ ਨੂੰ ਰੰਗਲਾ ਅਤੇ ਸਿਹਤਮੰਦ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਲੋਕਾਂ ਨੂੰ ਸਿਹਤਮੰਦ ਜੀਵਨ ਦੇਣ ਲਈ ਆਧੁਨਿਕ ਤਕਨੀਕਾਂ ਨਾਲ ਲੈੱਸ ਨਵੇਂ ਹਸਪਤਾਲ ਬਣਾਏ ਜਾ ਰਹੇ ਹਨ, ਤਾਂ ਜੋ ਲੋਕ ਮੁਫ਼ਤ ਵਿੱਚ ਆਪਣਾ ਇਲਾਜ ਕਰਵਾ ਸਕਣਸੀ।