ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਡਿਪਟੀ ਮੈਡੀਕਲ ਕਮਿਸ਼ਨਰ ਨਾਲ ਅਹਿਮ ਮੀਟਿੰਗ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ
ਫਿਰੋਜ਼ਪੁਰ : ‘ਗਵਰਨਮੈਂਟ ਡੀ-ਐਡਿਕਸ਼ਨ ਐਂਡ ਰਿਹੈਬਿਲੀਟੇਸ਼ਨ ਸੋਸਾਇਟੀ ਆਊਟਸੋਰਸ ਇੰਪਲੋਈਜ਼ ਯੂਨੀਅਨ’ ਦੇ ਪ੍ਰਧਾਨ ਪਾਰਸ ਮੱਕੜ ਦੀ ਅਗਵਾਈ ਹੇਠ ਡਿਪਟੀ ਮੈਡੀਕਲ ਕਮਿਸ਼ਨਰ ਨਾਲ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਅਤੇ ਦਰਪੇਸ਼ ਔਕੜਾਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਪ੍ਰਸ਼ਾਸਨ ਨੂੰ ਮੰਗਾਂ ਪੂਰੀਆਂ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ। ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਪਾਰਸ ਮੱਕੜ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਕਿ ਸਬੰਧਤ ਕੰਪਨੀ ਵੱਲੋਂ ਮੁਲਾਜ਼ਮਾਂ ਦਾ ਬਣਦਾ ਜਾਇਜ਼ ਬੋਨਸ ਗੈਰ-ਕਾਨੂੰਨੀ ਅਤੇ ਗੈਰ-ਵਾਜਬ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ ਹੈ। ਕੰਪਨੀ ਦੇ ਇਸ ਮਨਮਰਜ਼ੀ ਵਾਲੇ ਫੈਸਲੇ ਕਾਰਨ ਸਮੂਹ ਕੱਚੇ ਕਰਮਚਾਰੀਆਂ ਵਿਚ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦ ਕੀਤਾ ਬੋਨਸ ਤੁਰੰਤ ਬਹਾਲ ਕੀਤਾ ਜਾਵੇ। ਬੋਨਸ ਤੋਂ ਇਲਾਵਾ ਯੂਨੀਅਨ ਵੱਲੋਂ ਅਧਿਕਾਰੀਆਂ ਅੱਗੇ ਹੋਰ ਵੀ ਕਈ ਅਹਿਮ ਮੁੱਦੇ ਪ੍ਰਮੁੱਖਤਾ ਨਾਲ ਰੱਖੇ ਗਏ। ਇਨ੍ਹਾਂ ਵਿੱਚ ਮੁਲਾਜ਼ਮਾਂ ਦੀ ਤਨਖਾਹ ਵਿਚ 6 ਪ੍ਰਤੀਸ਼ਤ ਸਾਲਾਨਾ ਵਾਧਾ (ਇੰਕਰੀਮੈਂਟ) ਲਾਗੂ ਕਰਨਾ, ਐੱਨਐੱਚਐੱਮ ਦੇ ਨਿਯਮਾਂ ਮੁਤਾਬਕ ਬਣਦੀਆਂ ਛੁੱਟੀਆਂ ਦੀ ਸਹੂਲਤ ਦੇਣਾ ਅਤੇ ਹੋਰ ਬੁਨਿਆਦੀ ਹੱਕਾਂ ਦੀ ਬਹਾਲੀ ਸ਼ਾਮਲ ਸੀ। ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਬੜੇ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ। ਅਧਿਕਾਰੀਆਂ ਨੇ ਮੁਲਾਜ਼ਮਾਂ ਦੇ ਇਨ੍ਹਾਂ ਮੁੱਦਿਆਂ ਨਾਲ ਸਹਿਮਤੀ ਪ੍ਰਗਟਾਈ ਅਤੇ ਭਰੋਸਾ ਦਿੱਤਾ ਕਿ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਮੁਲਾਜ਼ਮਾਂ ਨੂੰ ਜਲਦੀ ਇਨਸਾਫ਼ ਮਿਲ ਸਕੇ। ਦੂਜੇ ਪਾਸੇ ਯੂਨੀਅਨ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਦੋ ਟੁੱਕ ਸ਼ਬਦਾਂ ਵਿਚ 15 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਯੂਨੀਅਨ ਆਗੂਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਮਿਥੇ ਸਮੇਂ ਦੇ ਅੰਦਰ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਕੋਈ ਪੱਕਾ ਹੱਲ ਨਾ ਕੱਢਿਆ ਗਿਆ, ਤਾਂ ਉਹ ਆਉਣ ਵਾਲੇ ਦਿਨਾਂ ਵਿਚ ਆਪਣੇ ਤਿੱਖੇ ਸੰਘਰਸ਼ ਦਾ ਬਿਗਲ ਵਜਾਉਣਗੇ। ਮੁਲਾਜ਼ਮਾਂ ਨੇ ਸਾਫ਼ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਉਹ ਮੁਕੰਮਲ ਹੜਤਾਲ ’ਤੇ ਜਾਣ ਲਈ ਮਜ਼ਬੂਰ ਹੋਣਗੇ, ਜਿਸ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਹੋਣਗੀਆਂ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ। ਇਸ ਅਹਿਮ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਵੀਰਮ ਸ਼ਰਮਾ, ਜਨਰਲ ਸਕੱਤਰ ਮਨਦੀਪ ਬਿੱਲਾ, ਕੈਸ਼ੀਅਰ ਮਨਜਿੰਦਰ ਸਿੰਘ, ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਸਕੱਤਰ ਦੀਪਕ ਰਾਵਤ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਜੋਤੀ, ਪ੍ਰਿਯੰਕਾ, ਅਨੂ ਬਾਲਾ, ਕੋਮਲ ਸ਼ਰਮਾ, ਕਰਨਜੀਤ ਸਿੰਘ, ਸੁਖਪ੍ਰੀਤ ਕੌਰ, ਹਰਪ੍ਰੀਤ ਸਿੰਘ, ਆਕਾਸ਼ਦੀਪ, ਵੀਰਪਾਲ ਅਤੇ ਵਿਜੈ ਸਮੇਤ ਵੱਡੀ ਗਿਣਤੀ ਵਿੱਚ ਹੋਰ ਮੁਲਾਜ਼ਮ ਵੀ ਮੌਜ਼ੂਦ ਸਨ।