ਪੁਲਿਸ ਦੀ ਮੁਸਤੈਦੀ ਨੇ ਨਾਕਾਮ ਕੀਤੀ ਤਸਕਰੀ ਦੀ ਕੋਸ਼ਿਸ਼ : 3 ਕਿੱਲੋ 633 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ
ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਕਾਮਯਾਬੀ ਹਾਸਲ ਹੋਈ, ਜਦੋਂ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਥਾਣਾ ਮਖੂ ਪੁਲਿਸ ਟੀਮ ਨੇ ਦੋ ਕਥਿਤ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਫੜੇ ਗਏ ਮੁਲਜ਼ਮਾਂ ਕੋਲੋਂ 3 ਕਿੱਲੋ 633 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
Publish Date: Sun, 26 Apr 2026 01:20 PM (IST)
Updated Date: Sun, 26 Apr 2026 01:38 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ। ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਕਾਮਯਾਬੀ ਹਾਸਲ ਹੋਈ, ਜਦੋਂ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਥਾਣਾ ਮਖੂ ਪੁਲਿਸ ਟੀਮ ਨੇ ਦੋ ਕਥਿਤ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਫੜੇ ਗਏ ਮੁਲਜ਼ਮਾਂ ਕੋਲੋਂ 3 ਕਿੱਲੋ 633 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਨੇ ਨਸ਼ੀਲੇ ਪਦਾਰਥ ਤੋਂ ਇਲਾਵਾ ਮੋਟਰਸਾਈਕਲ ਅਤੇ ਮੋਬਾਇਲ ਫੋਨ ਕਬਜ਼ੇ ਵਿਚ ਲੈਂਦਿਆਂ ਦੋਵਾਂ ਤਸਕਰਾਂ ਖ਼ਿਲਾਫ਼ ਥਾਣਾ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਖੂ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਲਈ ਰਵਾਨਾ ਸੀ। ਇਸ ਦੌਰਾਨ ਪੁਲਿਸ ਨੂੰ ਇਕ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦੋ ਵਿਅਕਤੀ ਜਨਸੂਰ ਸਿੰਘ ਉਰਫ ਜੱਸਾ ਪੁੱਤਰ ਬਲਵੀਰ ਸਿੰਘ ਅਤੇ ਵਿਸ਼ਾਲ ਉਰਫ ਸ਼ਾਲੂ ਪੁੱਤਰ ਪ੍ਰਗਟ ਸਿੰਘ ਦੋਵੇਂ ਵਾਸੀ ਪਿੰਡ ਮਨਸੂਰ ਦੇਵਾ ਭਾਰੀ ਮਾਤਰਾ ਵਿਚ ਹੈਰੋਇਨ ਲੈ ਕੇ ਮਖੂ ਬਸਤੀ ਵਿਸਾਵਾ ਲਿੰਕ ਰੋਡ ਰਾਹੀਂ ਸਪਲਾਈ ਕਰਨ ਜਾ ਰਹੇ ਹਨ।
ਖਾਸ ਮੁਖਬਰ ਵੱਲੋਂ ਦੱਸੀ ਗਈ ਜਗ੍ਹਾ ’ਤੇ ਨਾਕਾਬੰਦੀ ਕੀਤੀ ਅਤੇ ਛਾਪੇਮਾਰੀ ਦੌਰਾਨ ਦੋਵਾਂ ਤਸਕਰਾਂ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿੱਲੋ 633 ਗ੍ਰਾਮ ਹੈਰੋਇਨ, ਮੋਟਰਸਾਈਕਲ ਬਜਾਜ ਪਲਟੀਨਾ ਨੰਬਰ ਪੀਬੀ 02 ਪੀਬੀ 2590 ਅਤੇ ਦੋ ਮੋਬਾਇਲ ਫੋਨ ਬਰਾਮਦ ਕੀਤੇ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਤਸਕਰ ਲੰਬੇ ਸਮੇਂ ਤੋਂ ਇਸ ਧੰਦੇ ਵਿਚ ਸ਼ਾਮਲ ਸਨ। ਪੁਲਿਸ ਹੁਣ ਫੜੇ ਗਏ ਤਸਕਰਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਇੰਨੀ ਵੱਡੀ ਮਾਤਰਾ ਵਿਚ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਹ ਖੇਪ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।