ਜ਼ੀਰਾ ’ਚ ਨਗਰ ਕੌਂਸਲ ਚੋਣਾਂ ਦੌਰਾਨ ਸਿਆਸੀ ਪਾਰਾ ਚੜ੍ਹਿਆ
ਜ਼ੀਰਾ ’ਚ ਨਗਰ ਕੌਂਸਲ ਚੋਣਾਂ ਦੌਰਾਨ ਸਿਆਸੀ ਪਾਰਾ ਚੜ੍ਹਿਆ
Publish Date: Thu, 14 May 2026 03:43 PM (IST)
Updated Date: Fri, 15 May 2026 04:00 AM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਪੰਜਾਬ ਵਿਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਲਗਾਤਾਰ ਤਪਦਾ ਜਾ ਰਿਹਾ ਹੈ ਅਤੇ ਜ਼ੀਰਾ ਸ਼ਹਿਰ ਵਿੱਚ ਚੋਣੀ ਹਲਚਲ ਉਸ ਵੇਲੇ ਹੋਰ ਤੇਜ਼ ਹੋ ਗਈ, ਜਦੋਂ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪ੍ਰਸ਼ਾਸਨਿਕ ਦਬਾਅ ਰਾਹੀਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਰੋਕਣ ਦੇ ਗੰਭੀਰ ਇਲਜ਼ਾਮ ਲਗਾਏ। ਨਾਮਜ਼ਦਗੀ ਪ੍ਰਕਿਰਿਆ ਦੌਰਾਨ ਐਨਓਸੀ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਨੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ, ਜਿਸ ਕਾਰਨ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਖੁਦ ਜ਼ੀਰਾ ਨਗਰ ਕੌਂਸਲ ਦਫ਼ਤਰ ਪਹੁੰਚੇ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਪਾਰਦਰਸ਼ੀ ਪ੍ਰਸ਼ਾਸਨ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਕਾਂਗਰਸ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਰੱਖਣ ਲਈ ਪ੍ਰਸ਼ਾਸਨਿਕ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਕੌਂਸਲ ਦਫ਼ਤਰ ਵਿੱਚ ਈਓ ਅਤੇ ਸੈਨਟਰੀ ਇੰਸਪੈਕਟਰ ਦੀ ਗੈਰਹਾਜ਼ਰੀ ਨੇ ਪੂਰੇ ਮਾਮਲੇ ‘ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ ਲਾਪਰਵਾਹੀ ਨਹੀਂ, ਸਗੋਂ ਲੋਕਤੰਤਰਿਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਇੱਕ ਸੋਚੀ-ਸਮਝੀ ਚਾਲ ਵੀ ਹੋ ਸਕਦੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਹੱਕਾਂ ਨਾਲ ਖਿਲਵਾੜ ਕੀਤਾ ਗਿਆ ਤਾਂ ਕਾਂਗਰਸ ਹਰ ਪੱਧਰ ‘ਤੇ ਇਸ ਦਾ ਡਟ ਕੇ ਵਿਰੋਧ ਕਰੇਗੀ। ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਇਲੈਕਸ਼ਨ ਕਮਿਸ਼ਨ ਨਾਲ ਸੰਪਰਕ ਕਰਕੇ ਮੌਜੂਦਾ ਹਾਲਾਤ ਤੋਂ ਜਾਣੂ ਕਰਵਾਇਆ, ਜਿਸ ਤੋਂ ਬਾਅਦ ਕਮਿਸ਼ਨ ਵੱਲੋਂ ਹਰ ਯੋਗ ਉਮੀਦਵਾਰ ਨੂੰ ਐਨਓਸੀ ਜਾਰੀ ਕਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਹ ਚੋਣੀ ਮੁਹਿੰਮ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਚੱਲ ਰਹੀ ਹੈ। ਉਨ੍ਹਾਂ ਦੇ ਸੱਦੇ ’ਤੇ ਹੀ ਸੁਖਜਿੰਦਰ ਸਿੰਘ ਰੰਧਾਵਾ ਜ਼ੀਰਾ ਪਹੁੰਚੇ। ਇਸ ਮੌਕੇ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ, ਨਗਰ ਕੌਂਸਲ ਜੀਰਾ ਦੇ ਸਾਬਕਾ ਪ੍ਰਧਾਨ ਡਾ ਰਸ਼ਪਾਲ ਸਿੰਘ, ਸ਼ਹਿਰੀ ਕਾਂਗਰਸ ਪ੍ਰਧਾਨ ਹਰੀਸ਼ ਤਾਂਗਰਾ, ਗੁਰਭਗਤ ਗਿੱਲ ਗੋਰਾ, ਰੋਮੀ ਚੋਪੜਾ, ਪ੍ਰਿਤਪਾਲ ਸਿੰਘ ਕਾਕਾ ਜੈਲਦਾਰ, ਪਰਮਿੰਦਰ ਸਿੰਘ ਲਾਡਾ, ਸੁਖਮਨੀ ਹਸਪਤਾਲ ਦੇ ਡਾਇਰੈਕਟਰ ਸੰਜੀਵ ਨਾਰੰਗ, ਰਮਨ ਸ਼ਰਮਾ, ਲਖਵਿੰਦਰ ਸਿੰਘ ਭੋਲਾ, ਜਨਕ ਰਾਜ ਸ਼ਰਮਾ, ਜੋਬਨਪ੍ਰੀਤ ਸਿੰਘ ਗਿੱਲ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਅਤੇ ਉਮੀਦਵਾਰ ਵੱਡੀ ਗਿਣਤੀ ਵਿਚ ਮੌਜ਼ੂਦ ਰਹੇ। ......................................... ਕੀ ਕਹਿੰਦੇ ਹਨ ਈਓ ਨਰਿੰਦਰ ਕੁਮਾਰ ਇਸ ਸਬੰਧੀ ਜਦ ਈਓ ਨਰਿੰਦਰ ਕੁਮਾਰ ਜ਼ੀਰਾ ਨਾਲ ਫੋਨ ਰਾਹੀਂ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਐੱਸਡੀਐੱਮ ਦਫਤਰ ਜ਼ੀਰਾ ਵਿਖੇ ਮੀਟਿੰਗ ਵਿਚ ਸਨ ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਉਮੀਦਵਾਰਾਂ ਦੀਆਂ ਐੱਨਓਸੀ ਜਾਰੀ ਕਰ ਦਿੱਤੀਆਂ ਗਈਆਂ ਹਨ।