ਫਾਜ਼ਿਲਕਾ ਲਈ 58 ਅਤੇ ਮੰਡੀ ਅਰਨੀਵਾਲਾ ਲਈ 11 ਪੋਲਿੰਗ ਪਾਰਟੀਆਂ ਹੋਇਆ ਰਵਾਨਾ
ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ
Publish Date: Mon, 25 May 2026 07:07 PM (IST)
Updated Date: Mon, 25 May 2026 07:10 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੀ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਅਤੇ ਨਗਰ ਪੰਚਾਇਤ ਦੀਆਂ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਅੱਜ ਪੋਲਿੰਗ ਪਾਰਟੀਆਂ ਆਪੋ-ਆਪਣੇ ਡਿਊਟੀ ਸਥਾਨਾਂ ਲਈ ਰਵਾਨਾ ਹੋ ਗਈਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ 335 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਚੋਣ ਲੜਨ ਲਈ ਮੈਦਾਨ ਵਿੱਚ ਉਤਰਨਗੇ। ਇਨ੍ਹਾਂ ਚੋਣਾਂ ਲਈ ਜ਼ਿਲ੍ਹੇ ਵਿੱਚ ਕੁੱਲ 86 ਵਾਰਡਾਂ ਵਿੱਚ 189 ਪੋਲਿੰਗ ਬੂਥ ਬਣਾਏ ਗਏ ਹਨ। ਨਗਰ ਨਿਗਮ ਅਬੋਹਰ ਵਿੱਚ 50 ਵਾਰਡ ਤੇ 120 ਪੋਲਿੰਗ ਬੂਥ, ਨਗਰ ਕੌਂਸਲ ਫਾਜ਼ਿਲਕਾ ਵਿੱਚ 25 ਵਾਰਡ ਤੇ 58 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਅਰਨੀਵਾਲਾ ਵਿੱਚ 11 ਵਾਰਡ ਤੇ 11 ਪੋਲਿੰਗ ਬੂਥ ਬਣਾਏ ਗਏ ਹਨ ਜਿੱਥੇ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 1,73,754 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨਾਂ ਵਿੱਚੋਂ 91,474 ਮਰਦ ਅਤੇ 82,272 ਔਰਤਾਂ ਜਦਕਿ 8 ਅਦਰ ਵੋਟਰ ਹਨ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਕਰਨ ਅਤੇ ਜਿੰਮੇਵਾਰ ਨਾਗਰਿਕ ਬਨਣ। ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਲੜਕੇ ਫਾਜ਼ਿਲਕਾ ਤੋਂ ਫਾਜ਼ਿਲਕਾ ਅਤੇ ਮੰਡੀ ਅਰਨੀਵਾਲਾ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਗਿਆ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਜਾਣਕਾਰੀ ਅਨੁਸਾਰ ਫਾਜ਼ਿਲਕਾ ਲਈ 58 ਪੋਲਿੰਗ ਪਾਰਟੀਆਂ ਜਦਕਿ ਮੰਡੀ ਅਰਨੀਵਾਲਾ ਲਈ 11 ਪੋਲਿੰਗ ਪਾਰਟੀਆਂ ਭੇਜੀਆਂ ਗਈਆਂ। ਇਸ ਤੋਂ ਇਲਾਵਾ ਫਾਜ਼ਿਲਕਾ ਲਈ 58 ਪੀ.ਆਰ.ਓ. ਅਤੇ ਮੰਡੀ ਅਰਨੀਵਾਲਾ ਲਈ 11 ਪੀ.ਆਰ.ਓ. ਤੈਨਾਤ ਕੀਤੇ ਗਏ ਹਨ। ਚੋਣ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਲਈ ਫਾਜ਼ਿਲਕਾ ਲਈ 58 ਏ.ਪੀ.ਆਰ.ਓ. ਅਤੇ ਮੰਡੀ ਅਰਨੀਵਾਲਾ ਲਈ 11 ਏ.ਪੀ.ਆਰ.ਓ. ਦੀ ਨਿਯੁਕਤੀ ਕੀਤੀ ਗਈ ਹੈ। ਇਸਦੇ ਨਾਲ ਹੀ ਫਾਜ਼ਿਲਕਾ ਵਿੱਚ 174 ਪੋਲਿੰਗ ਅਫਸਰ ਅਤੇ ਮੰਡੀ ਅਰਨੀਵਾਲਾ ਵਿੱਚ 33 ਪੋਲਿੰਗ ਅਫਸਰ ਤੈਨਾਤ ਕੀਤੇ ਗਏ ਹਨ।ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੋਲਿੰਗ ਸਟਾਫ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਚੋਣ ਅਮਲੇ ਵਿੱਚ ਚੋਣ ਡਿਊਟੀ ਨੂੰ ਲੈ ਕੇ ਪੂਰਾ ਉਤਸ਼ਾਹ ਵੇਖਣ ਨੂੰ ਮਿਲਿਆ।