ਪੂਜਾ ਲੂਥਰਾ ਸਚਦੇਵਾ ਵੱਲੋਂ ਆਜ਼ਾਦ ਉਮੀਦਵਾਰਾਂ ਦੇ ਹੱਕ ’ਚ ਡੋਰ-ਟੂ-ਡੋਰ ਚੋਣ ਪ੍ਰਚਾਰ
ਪੂਜਾ ਲੂਥਰਾ ਸਚਦੇਵਾ ਵੱਲੋਂ ਵਾਰਡ ਨੰਬਰ 10, 21, 23 ਅਤੇ 24 ਵਿੱਚ ਅਜ਼ਾਦ ਉਮੀਦਵਾਰਾਂ ਦੇ ਹੱਕ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ
Publish Date: Sun, 24 May 2026 05:37 PM (IST)
Updated Date: Sun, 24 May 2026 05:40 PM (IST)

ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦਾ ਸਿਆਸੀ ਮਾਹੌਲ ਦਿਨੋਂ-ਦਿਨ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਤਹਿਤ ਸਮਾਜਸੇਵੀ ਪੂਜਾ ਲੂਥਰਾ ਸਚਦੇਵਾ ਵੱਲੋਂ ਵਾਰਡ ਨੰਬਰ 10, 21, 23 ਅਤੇ 24 ਵਿੱਚ ਅਜ਼ਾਦ ਉਮੀਦਵਾਰਾਂ ਦੇ ਹੱਕ ਵਿੱਚ ਵਿਸ਼ਾਲ ਡੋਰ-ਟੂ-ਡੋਰ ਚੋਣ ਪ੍ਰਚਾਰ ਮੁਹਿੰਮ ਚਲਾਈ ਗਈ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਅਜ਼ਾਦ ਉਮੀਦਵਾਰਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਪ੍ਰਚਾਰ ਮੁਹਿੰਮ ਦੌਰਾਨ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਸ਼ਹਿਰ ਦੇ ਲੋਕ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਦੀ ਕਮੀ ਨਾਲ ਜੂਝ ਰਹੇ ਹਨ। ਗਲੀਆਂ-ਨਾਲੀਆਂ ਦੀ ਖਰਾਬ ਹਾਲਤ, ਸਫਾਈ ਪ੍ਰਬੰਧਾਂ ਵਿੱਚ ਕਮੀ, ਸਟਰੀਟ ਲਾਈਟਾਂ ਦੀ ਸਮੱਸਿਆ ਅਤੇ ਪੀਣ ਵਾਲੇ ਪਾਣੀ ਵਰਗੇ ਮੁੱਦੇ ਅੱਜ ਵੀ ਜਿਉਂ ਦੇ ਤਿਉਂ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਵੱਲੋਂ ਹਰ ਚੋਣ ਦੌਰਾਨ ਵੱਡੇ-ਵੱਡੇ ਵਾਅਦੇ ਤਾਂ ਕੀਤੇ ਜਾਂਦੇ ਹਨ, ਪਰ ਚੋਣਾਂ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜ਼ਾਦ ਉਮੀਦਵਾਰ ਕਿਸੇ ਵੀ ਸਿਆਸੀ ਦਬਾਅ ਤੋਂ ਬਿਨਾਂ ਸਿਰਫ਼ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਦੀ ਸੋਚ ਰੱਖਦੇ ਹਨ ਅਤੇ ਇਲਾਕੇ ਦੇ ਵਿਕਾਸ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ। ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਜੇਕਰ ਲੋਕ ਅਜ਼ਾਦ ਉਮੀਦਵਾਰਾਂ ਨੂੰ ਮੌਕਾ ਦਿੰਦੇ ਹਨ ਤਾਂ ਹਰ ਵਾਰਡ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਅਤੇ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਇਆ ਜਾਵੇਗਾ। ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਵੀ ਉਨ੍ਹਾਂ ਨੂੰ ਭਰਵਾਂ ਸਮਰਥਨ ਮਿਲਿਆ। ਕਈ ਇਲਾਕਾ ਵਾਸੀਆਂ ਨੇ ਕਿਹਾ ਕਿ ਉਹ ਇਸ ਵਾਰ ਰਵਾਇਤੀ ਪਾਰਟੀਆਂ ਦੀ ਬਜਾਏ ਉਹਨਾਂ ਉਮੀਦਵਾਰਾਂ ਨੂੰ ਤਰਜੀਹ ਦੇਣਗੇ ਜੋ ਸੱਚਮੁੱਚ ਲੋਕਾਂ ਦੇ ਵਿਚ ਰਹਿ ਕੇ ਕੰਮ ਕਰਨ ਦੀ ਸੋਚ ਰੱਖਦੇ ਹਨ। ਪ੍ਰਚਾਰ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਸਮਰਥਕ, ਨੌਜਵਾਨ ਅਤੇ ਮਹਿਲਾਵਾਂ ਵੀ ਮੌਜੂਦ ਰਹੀਆਂ। ਵਰਕਰਾਂ ਵੱਲੋਂ ਅਜ਼ਾਦ ਉਮੀਦਵਾਰਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਨਜ਼ਰ ਆਇਆ ਅਤੇ ਵਾਰਡਾਂ ਵਿੱਚ ਲੋਕਾਂ ਦੀ ਭਾਰੀ ਰੁਚੀ ਵੇਖਣ ਨੂੰ ਮਿਲੀ।