ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਪੂਜਾ ਲੂਥਰਾ ਵੱਲੋਂ ਹਮਾਇਤ
ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 'ਚ ਪੂਜਾ ਲੂਥਰਾ ਸਚਦੇਵਾ ਨੇ ਦਿੱਤਾ ਸਮਰਥਨ
Publish Date: Sun, 10 May 2026 05:11 PM (IST)
Updated Date: Sun, 10 May 2026 05:12 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਭਰ ਵਿੱਚ ਸਫ਼ਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕੀਤੀ ਜਾ ਰਹੀ ਹੜਤਾਲ ਚੌਥੇ ਦਿਨ ਵਿੱਚ ਦਾਖ਼ਲ ਹੋ ਗਈ। ਇਸ ਮੌਕੇ ਸਮਾਜ ਸੇਵਿਕਾ ਪੂਜਾ ਲੂਥਰਾ ਸਚਦੇਵਾ ਆਪਣੀ ਟੀਮ ਸਮੇਤ ਧਰਨੇ ਵਿੱਚ ਪਹੁੰਚੀ ਅਤੇ ਸਫ਼ਾਈ ਕਰਮਚਾਰੀਆਂ ਨੂੰ ਪੂਰਾ ਸਮਰਥਨ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਪੂਜਾ ਲੂਥਰਾ ਸਚਦੇਵਾ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਮਸਲੇ ਦਾ ਜਲਦ ਹੱਲ ਕੱਢਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਹੜਤਾਲ ਕਿਸੇ ਇੱਕ ਸ਼ਹਿਰ ਤੱਕ ਸੀਮਿਤ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਸਫ਼ਾਈ ਕਰਮਚਾਰੀ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਠੇਕੇਦਾਰੀ ਪ੍ਰਥਾ ਖਤਮ ਕਰਨਾ, 10 ਸਾਲਾਂ ਵਾਲੇ ਨਿਯਮ ਵਿੱਚ ਸੋਧ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨਾ ਸ਼ਾਮਲ ਹੈ।ਪੂਜਾ ਲੂਥਰਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰਾਂ ਦੇ ਵਿਕਾਸ ਅਤੇ ਸੁਚੱਜੇ ਪ੍ਰਬੰਧ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਜੇਕਰ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਵਾਲੇ ਇਹ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ ‘ਤੇ ਬੈਠਣ ਲਈ ਮਜਬੂਰ ਹੋਣ, ਤਾਂ ਇਹ ਸਰਕਾਰ ਲਈ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਹੜਤਾਲ ਲੰਬੀ ਖਿੱਚਣ ਨਾਲ ਸੂਬੇ ਦੀ ਸਫ਼ਾਈ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਹੈ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਟੀਮ ਸਫ਼ਾਈ ਕਰਮਚਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਜਿੱਥੇ ਵੀ ਲੋੜ ਪਏਗੀ, ਹਮੇਸ਼ਾਂ ਉਨ੍ਹਾਂ ਦਾ ਸਾਥ ਦੇਣਗੇ। ਪੂਜਾ ਲੂਥਰਾ ਸਚਦੇਵਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰੋਜ਼ਗਾਰ ਅਤੇ ਭਰਤੀ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਮੌਜੂਦਾ ਹਾਲਾਤ ਕੁਝ ਹੋਰ ਹੀ ਤਸਵੀਰ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਹਰ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਲਗਾਉਣ ਲਈ ਮਜਬੂਰ ਹੈ, ਇਸ ਲਈ ਸਰਕਾਰ ਨੂੰ ਟਕਰਾਅ ਦੀ ਬਜਾਏ ਸੰਵਾਦ ਦਾ ਰਾਹ ਅਪਣਾਉਣਾ ਚਾਹੀਦਾ ਹੈ।ਅੰਤ ਵਿੱਚ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਸੂਬੇ ਦੀ ਸਫ਼ਾਈ ਅਤੇ ਪ੍ਰਸ਼ਾਸਨਿਕ ਵਿਵਸਥਾ ਮੁੜ ਪਟੜੀ ‘ਤੇ ਆ ਸਕੇ।