ਰਾਜਪਾਲ ਦੀ ਫਿਰੋਜ਼ਪੁਰ ਵਿਖੇ ਨਸ਼ਾ ਮੁਕਤ ਯਾਤਰਾ ਅੱਜ, ਤਿਆਰੀਆਂ ਮੁਕੰਮਲ : ਡੀਸੀ
ਰਾਜਪਾਲ ਦੀ ਫਿਰੋਜ਼ਪੁਰ ਵਿਖੇ ਨਸ਼ਾ ਮੁਕਤ ਯਾਤਰਾ ਸਬੰਧੀ ਤਿਆਰੀਆਂ ਮੁਕੰਮਲ: ਡੀਸੀ
Publish Date: Mon, 09 Feb 2026 05:07 PM (IST)
Updated Date: Mon, 09 Feb 2026 05:08 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਖੇ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨੇ ਦੀਪਸ਼ਿਖਾ ਸ਼ਰਮਾ ਨੇ ਪੈਦਲ ਯਾਤਰਾ ਦੇ ਸ਼ੁਰੂਆਤੀ ਸਥਾਨ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 10 ਫ਼ਰਵਰੀ 2026 ਨੂੰ ਸਾਰਾਗੜ੍ਹੀ ਮੈਮੋਰੀਅਲ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਜਾਵੇਗੀ। ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਮ ਆਪਣਾ ਸੰਦੇਸ਼ ਵੀ ਦੇਣਗੇ। ਇਸ ਪੈਦਲ ਯਾਤਰਾ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਅਤੇ ਗੈਰ-ਸਰਕਾਰੀ ਸੰਸਥਾਵਾਂ (ਐੱਨਜੀਓਜ਼) ਆਦਿ ਸ਼ਾਮਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖਾਤਮੇ ਲਈ ਇੱਕਜੁਟ ਹੋਣ ਦਾ ਸੱਦਾ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਪੈਦਲ ਯਾਤਰਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਨਾਲ ਹੀ ਇਸ ਪੈਦਲ ਯਾਤਰਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਮੌਕੇ ’ਤੇ ਮੌਜ਼ੂਦ ਅਧਿਕਾਰੀਆਂ ਨੂੰ ਯਾਤਰਾ ਦੌਰਾਨ ਆਪਣੀ-ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪੈਦਲ ਯਾਤਰਾ ਤੋਂ ਪਹਿਲਾਂ ਰਾਜਪਾਲ ਵੱਲੋਂ ਪੇਂਡੂ ਸੁਰੱਖਿਆ ਕਮੇਟੀ ਦੇ ਮੈਂਬਰਾ ਨਾਲ ਵਿਸ਼ੇਸ ਤੌਰ ’ਤੇ ਮੀਟਿੰਗ ਵੀ ਕੀਤੀ ਜਾਵੇਗੀ, ਜਿਸ ਵਿਚ ਨਸ਼ਿਆਂ ਦੇ ਖਾਤਮੇ ਸਮੇਤ ਹੋਰ ਕਈ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੌਕੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ.) ਨਿਧੀ ਕੁਮੁਦ ਬੰਬਾਹ, ਐੱਸਡੀਐੱਮ ਫਿਰੋਜ਼ਪਰ ਲਿੰਧਿਆ, ਐੱਸਡੀਐੱਮ ਜ਼ੀਰਾ ਅਰਵਿੰਦਰਪਾਲ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਵੀ ਹਾਜ਼ਰ ਸਨ।