ਪੰਜਾਬ ਨੂੰ ਨਸ਼ਾ ਮੁਕਤ ਕਰਨ ਸਾਰੇ ਦਿਓ ਸਹਿਯੋਗ : ਵਿਧਾਇਕ ਕਟਾਰੀਆ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕੀਤਾ : ਵਿਧਾਇਕ ਕਟਾਰੀਆ
Publish Date: Sat, 17 Jan 2026 04:51 PM (IST)
Updated Date: Sat, 17 Jan 2026 04:54 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਚਲਾਈ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਵੱਲੋਂ 10 ਜਨਵਰੀ ਤੋਂ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਪੈਦਲ ਯਾਤਰਾ ਕੱਢੀਆਂ ਜਾ ਰਹੀਆਂ ਹਨ। ਅੱਜ ਦੀ ਪੈਦਲ ਯਾਤਰਾ ਦੀ ਅਗਵਾਈ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਕੀਤੀ ਗਈ। ਜਿਸ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕੀਤਾ ਹੋਇਆ ਹੈ। ਇਸ ਜੰਗ ਵਿਚ ਸਾਰਿਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੂਜਾ ਪੜਾਅ ਜੋ ਕਿ 10 ਜਨਵਰੀ ਤੋਂ ਸ਼ੁਰੂ ਹੋਇਆ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਪੈਦਲ ਯਾਤਰਾ 25 ਜਨਵਰੀ ਤੱਕ ਸ਼ਹਿਰਾਂ ਅਤੇ ਪਿੰਡਾਂ ਵਿਚ ਕੱਢੀਆਂ ਜਾਣਗੀਆਂ। ਜਿਸ ਦਾ ਮੁੱਖ ਮਕਸਦ ਨਸ਼ੇ ਰੂਪੀ ਕੋਹੜ ਖਿਲਾਫ ਇੱਕ ਲੋਕ ਲਹਿਰ ਪੈਦਾ ਕਰਨਾ ਹੈ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਇਸ ਮੌਕੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ, ਸੀਨੀਅਰ ਮੀਤ ਪ੍ਰਧਾਨ ਅਨਿਲ ਧਵਨ ਡੀਸੀ, ਨਗਰ ਪੰਚਾਇਤ ਮਖੂ ਦੇ ਸਾਬਕਾ ਪ੍ਰਧਾਨ ਵਰਿੰਦਰ ਠੁਕਰਾਲ, ਦਵਿੰਦਰ ਸਿੰਘ ਬੱਬੂ ਐਮਸੀ, ਆਪ ਆਗੂ ਵੀਨੂੰ ਸ਼ਾਹ, ਮਨਮੋਹਨ ਗਰੋਵਰ, ਮਨਜਿੰਦਰ ਸਿੰਘ, ਸਤੀਸ਼ ਕਟਾਰੀਆ, ਨਰੇਸ਼ ਮੋਂਗਾ, ਸੋਨੂੰ ਸੂਦ, ਆੜ੍ਹਤੀਆਂ ਐਸੋਸੀਏਸ਼ਨ ਮਖੂ ਦੇ ਪ੍ਰਧਾਨ ਰਿਸ਼ੂ ਖੁਰਾਣਾ, ਪ੍ਰਦੀਪ ਕੱਕੜ ਤੋਂ ਇਲਾਵਾ ਹੋਰ ਬਹੁਤ ਸਾਰੇ ਇਲਾਕਾ ਤੇ ਸ਼ਹਿਰ ਵਾਸੀ ਹਾਜ਼ਰ ਸਨ।