ਫਾਜ਼ਿਲਕਾ ਜ਼ਿਲ੍ਹੇ ’ਚ ਹੋਈ ਬਾਰਿਸ਼ ਤੇ ਗੜੇਮਾਰੀ
ਫਾਜ਼ਿਲਕਾ ਜ਼ਿਲ੍ਹੇ ਅੰਦਰ ਹੋਈ ਬਰਸਾਤ ਅਤੇ ਗੜੇਮਾਰੀ
Publish Date: Tue, 31 Mar 2026 05:19 PM (IST)
Updated Date: Tue, 31 Mar 2026 05:22 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਮੌਸਮ ਨੇ ਕਰਵਟ ਲਈ ਹੈ। ਮੰਗਲਵਾਰ ਦੁਪਹਿਰ ਨੂੰ ਫਾਜ਼ਿਲਕਾ ਜ਼ਿਲ੍ਹੇ ਅੰਦਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ। ਇਸ ਨਾਲ ਕਣਕ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਕਿਸਾਨ ਇੰਕਲਾਬ ਸਿੰਘ, ਬੂਟਾ ਸਿੰਘ, ਗੁਰਤੇਜ ਸਿੰਘ, ਰਾਜ ਕੁਮਾਰ ਸੰਦੀਪ ਕੰਬੋਜ ਨੇ ਕਿਹਾ ਕਿ ਬਰਸਾਤ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਨੂੰ ਲੈ ਕੇ ਚਿੰਤਤ ਹਨ। ਕੁਝ ਦਿਨਾਂ ’ਚ ਵਾਢੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਖੇਤਰ ਦੇ ਕਿਸਾਨ ਪਿਛਲੇ ਸਾਲ ਦੌਰਾਨ ਹੋਏ ਫਸਲਾਂ ਦੇ ਨੁਕਸਾਨ ਤੋਂ ਹਾਲੇ ਨਹੀਂ ਉਭਰੇ ਹਨ। ਬਹੁਤ ਸਾਰੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੀ ਨਹੀਂ ਮਿਲਿਆ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਜੇਕਰ ਮੀਂਹ ਅਤੇ ਗੜੇਮਾਰੀ ਜਾਰੀ ਰਹੀ ਤਾਂ ਕਿਸਾਨਾਂ ਨੂੰ ਭਾਰੀ ਵਿੱਤੀ ਨੁਕਸਾਨ ਹੋਵੇਗਾ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।