ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਯੋਜਨਾਵਾਂ ਦੀ ਸਮੀਖਿਆ
ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਯੋਜਨਾਵਾਂ ਦੀ ਸਮੀਖਿਆ
Publish Date: Thu, 07 May 2026 06:41 PM (IST)
Updated Date: Fri, 08 May 2026 04:15 AM (IST)

ਕਪਿਲ ਜਸੂਜਾ, ਪੰਜਾਬੀ ਜਾਗਰਣ, ਫਾਜ਼ਿਲਕਾ: ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਮਾਸ ਮੀਡੀਆ ਵਿੰਗ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕਰਵਾਈ ਗਈ। ਮੀਟਿੰਗ ਦਾ ਮੁੱਖ ਉਦੇਸ਼ ਮੁੱਖ ਮੰਤਰੀ ਸਿਹਤ ਯੋਜਨਾ, ਡੇਂਗੂ-ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਹੋਰ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਸੀ। ਮੀਟਿੰਗ ਦੌਰਾਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁੱਖ ਮੰਤਰੀ ਸਿਹਤ ਯੋਜਨਾਵਾਂ ਅਤੇ ਹੋਰ ਲੋਕ-ਭਲਾਈ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਇਨ੍ਹਾਂ ਸੇਵਾਵਾਂ ਦਾ ਪੂਰਾ ਲਾਭ ਲੈ ਸਕਣ। ਇਸ ਮੌਕੇ ਜੱਚਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਟੀਬੀ ਮੁਕਤ ਅਭਿਆਨ, ਅਨੀਮੀਆ ਮੁਕਤ ਪੰਜਾਬ ਮੁਹਿੰਮ, ਗੈਰ-ਸੰਚਾਰੀ ਰੋਗਾਂ ਦੀ ਜਾਂਚ, ਤੰਬਾਕੂ ਨਿਯੰਤਰਣ ਪ੍ਰੋਗਰਾਮ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਵਲ ਸਰਜਨ ਨੇ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਵਿੱਚ ਫੀਲਡ ਸਟਾਫ ਦੀ ਭੂਮਿਕਾ ਬਹੁਤ ਅਹਿਮ ਹੈ। ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਸਹੀ ਸੰਦੇਸ਼ ਲੋਕਾਂ ਤੱਕ ਪਹੁੰਚਾਉਣ, ਅਫਵਾਹਾਂ ਤੋਂ ਬਚਣ ਅਤੇ ਲੋਕਾਂ ਨੂੰ ਸਮੇਂ-ਸਿਰ ਸਿਹਤ ਸੇਵਾਵਾਂ ਲੈਣ ਲਈ ਉਤਸ਼ਾਹਿਤ ਕਰਨ। ਇਸ ਦੇ ਨਾਲ ਹੀ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਐਂਟੀ ਲਾਰਵਾ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਨੀਤਾ ਕੰਬੋਜ, ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਬਲਾਕ ਮਾਸ ਮੀਡੀਆ ਅਫਸਰ ਸੁਨੀਲ ਟੰਡਨ, ਸੁਸ਼ੀਲ ਕੁਮਾਰ, ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਅਤਿੰਦਰ ਪਾਲ ਸਿੰਘ ਹਾਜ਼ਰ ਸਨ।