- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਜ਼ਿਲਕਾ ਵਿੱਚ ਰੋਡਵੇਜ਼ ਕਰਮਚਾਰੀਆਂ ਦਾ ਸਰਕਾਰ ਖ਼ਿਲਾਫ਼ ਰੋਸ

ਨਵਦੀਪ ਸਿੰਘ, ਪੰਜਾਬੀ ਜਾਗਰਣ,
ਫਾਜ਼ਿਲਕਾ:ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (ਸਬ ਡਿਪੂ ਫਾਜ਼ਿਲਕਾ) ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸਖ਼ਤ ਰੋਸ ਪ੍ਰਗਟ ਕੀਤਾ ਗਿਆ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਰਾਜ ਪੱਧਰੀ ਹੜਤਾਲ, ਸੜਕ ਜਾਮ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਯੂਨੀਅਨ ਦੇ ਅਧਿਕਾਰੀਆਂ ਨੇ ਕਿਹਾ ਕਿ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ। ਸੂਬਾ ਪੱਧਰੀ ਆਗੂ ਉਡੀਕ ਕੰਬੋਜ, ਪ੍ਰਧਾਨ ਰਵਿੰਦਰ ਸਿੰਘ ਰਿੰਕੂ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਫੈਸਲਾਕੁੰਨ ਲੜਾਈ ਦਾ ਸਮਾਂ ਆ ਗਿਆ ਹੈ ਅਤੇ ਕਰਮਚਾਰੀ ਆਪਣੇ ਹੱਕਾਂ ਲਈ ਹਰ ਪੱਧਰ ’ਤੇ ਸੰਘਰਸ਼ ਕਰਨ ਲਈ ਤਿਆਰ ਹਨ।
ਆਗੂਆਂ ਨੇ ਦੱਸਿਆ ਕਿ ਸਟੇਟ ਕਮੇਟੀ ਦੇ ਸੱਦੇ ’ਤੇ 15 ਮਈ 2026 ਨੂੰ ਗੇਟ ਰੈਲੀ ਕੀਤੀ ਜਾਵੇਗੀ। ਇਸੇ ਦਿਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਵੀ ਹੋਣੀ ਹੈ। ਯੂਨੀਅਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੀਟਿੰਗ ਦੌਰਾਨ ਮੰਗਾਂ ਸਬੰਧੀ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ ‘ਤੇ ਵੱਡਾ ਆੰਦੋਲਨ ਛੇੜਿਆ ਜਾਵੇਗਾ।