Sad News : ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ; ਇਕ ਜ਼ਖ਼ਮੀ
ਅੱਜ ਸਵੇਰੇ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਤੋਂ ਪੰਡੋਰੀ ਖੱਤਰੀਆਂ ਨੂੰ ਜਾਂਦੀ ਸੜਕ ’ਤੇ ਇੱਕ ਦਰਦਨਾਕ ਹਾਦਸੇ ਵਿਚ ਇਕ ਸਕੂਲੀ ਵਿਦਿਆਰਥੀ ਦੀ ਮੌਤ ਅਤੇ ਇਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦੀ ਖਬਰ ਹੈ।
Publish Date: Mon, 22 Dec 2025 06:17 PM (IST)
Updated Date: Mon, 22 Dec 2025 06:22 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਅੱਜ ਸਵੇਰੇ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਤੋਂ ਪੰਡੋਰੀ ਖੱਤਰੀਆਂ ਨੂੰ ਜਾਂਦੀ ਸੜਕ ’ਤੇ ਇੱਕ ਦਰਦਨਾਕ ਹਾਦਸੇ ਵਿਚ ਇਕ ਸਕੂਲੀ ਵਿਦਿਆਰਥੀ ਦੀ ਮੌਤ ਅਤੇ ਇਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦੀ ਖਬਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਹਸਕਰਨ ਸਿੰਘ (14) ਪੁੱਤਰ ਸਵ. ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ (14) ਪੁੱਤਰ ਰਵੀ ਵਾਸੀਅਨ ਪਿੰਡ ਮਨਸੂਰਵਾਲ ਕਲਾਂ ਜੋ ਹਰ ਰੋਜ਼ ਦੀ ਤਰ੍ਹਾਂ ਆਪਣੇ ਪਿੰਡ ਮਨਸੂਰਵਾਲ ਕਲਾਂ ਤੋਂ ਇਕ ਟੈਂਪੂ ’ਤੇ ਸਵਾਰ ਹੋ ਕੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਸਥਿਤ ਸਕੂਲ ਵਿਚ ਪੜ੍ਹਨ ਲਈ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਤਿੰਨ ਬੱਚੇ ਟੈਂਪੂ ਤੋਂ ਹੇਠਾਂ ਡਿੱਗ ਗਏ ਅਤੇ ਵਾਹਨ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਜ਼ੀਰਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਜਿੱਥੇ ਹਸਕਰਨ ਸਿੰਘ ਇਲਾਜ ਦੌਰਾਨ ਦਮ ਤੋੜ ਗਿਆ।
ਵਿਦਿਆਰਥੀ ਗੁਰਵਿੰਦਰ ਸਿੰਘ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੈ ਜੋ ਜਿਸਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਮੌਕੇ ’ਤੇ ਪਹੁੰਚੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਜ਼ਖਮੀ ਦਾ ਹਾਲਚਾਲ ਪੁੱਛਿਆ ਅਤੇ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਵਿਚ ਉਸ ਦੀ ਮਾਂ ਅਤੇ ਦੋ ਭੈਣਾਂ ਹਨ। ਇਸ ਗ਼ਰੀਬ ਪਰਿਵਾਰ ਕੋਲ ਰਹਿਣ ਲਈ ਆਪਣਾ ਮਕਾਨ ਵੀ ਨਹੀਂ ਹੈ ਅਤੇ ਉਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਪੰਚਾਇਤ ਘਰ ਵਿਚ ਰਹਿ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਮ੍ਰਿਤਕ ਅਤੇ ਜ਼ਖ਼ਮੀ ਬੱਚਿਆਂ ਦੇ ਪਰਿਵਾਰਾਂ ਦੀ ਮੱਦਦ ਕੀਤੀ ਜਾਵੇ ਅਤੇ ਸੰਘਣੀ ਧੁੰਦ ਨੂੰ ਵੇਖਦੇ ਹੋਏ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਜਾਣ।