ਸਫ਼ਾਈ ਸੇਵਕਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ, ਫੂਕੀ ਅਰਥੀ
ਸਫ਼ਾਈ ਸੇਵਕ ਯੂਨੀਅਨ ਮੁੱਦਕੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ, ਫੂਕੀ ਅਰਥੀ
Publish Date: Thu, 21 May 2026 04:04 PM (IST)
Updated Date: Thu, 21 May 2026 04:07 PM (IST)
ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ, ਮੁੱਦਕੀ: ਮੁੱਦਕੀ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮੰਗਾਂ ਪੂਰੀਆਂ ਨਾ ਹੋਣ ਕਾਰਨ ਗੁੱਸੇ ਵਿਚ ਆਏ ਮੁਲਾਜ਼ਮਾਂ ਨੇ ਸ਼ਹਿਰ ਦੇ ਮੁੱਖ ਚੌਕ ਵਿਚ ਸਰਕਾਰ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਆਪਣੀਆਂ ਹੋਰ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਸਫ਼ਾਈ ਸੇਵਕ ਯੂਨੀਅਨ ਮੁੱਦਕੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੀ ਅਗਵਾਈ ਸਫ਼ਾਈ ਸੇਵਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਵੱਲੋਂ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਦੇ ਮੁੱਖ ਚੌਂਕ ਵਿੱਚ ਇਕੱਤਰ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜੰਮ ਕੇ ਗੁੱਸਾ ਕੱਢਿਆ।
ਯੂਨੀਅਨ ਆਗੂਆਂ ਆਖਿਆ ਕਿ ਜਦੋਂ ਤੱਕ ਸਰਕਾਰ ਸਾਡੀਆਂ ਹੱਕੀ ਮੰਗਾਂ ਨਹੀਂ ਮੰਨਦੀ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕਰਦੀ, ਉਦੋਂ ਤੱਕ ਸਾਡਾ ਇਹ ਸੰਘਰਸ਼ ਅਤੇ ਹੜਤਾਲ ਅਣਮਿੱਥੇ ਸਮੇਂ ਲਈ ਇੰਝ ਹੀ ਜਾਰੀ ਰਹੇਗਾ। ਪ੍ਰਧਾਨ ਦੀਪ ਕੁਮਾਰ ਦੀ ਅਗਵਾਈ ਹੇਠ ਇਕੱਠੇ ਹੋਏ ਸਫ਼ਾਈ ਸੇਵਕਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਨੂੰ ਬਿਲਕੁਲ ਵਿਸਾਰ ਦਿੱਤਾ ਗਿਆ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਇਸ ਰੋਸ ਮੁਜ਼ਾਹਰੇ ਦੌਰਾਨ ਯੂਨੀਅਨ ਦੇ ਆਗੂ ਅੰਗਰੇਜ਼ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ ਸੱਤਪਾਲ, ਸੁਨੀਲ ਕੁਮਾਰ ਤੋਂ ਇਲਾਵਾ ਹੋਰ ਆਗੂਆਂ ਨੇ ਆਖਿਆ ਕਿ ਸਫ਼ਾਈ ਸੇਵਕ ਦਿਨ-ਰਾਤ ਸ਼ਹਿਰ ਦੀ ਸੇਵਾ ਕਰਦੇ ਹਨ, ਪਰ ਸਰਕਾਰ ਉਨ੍ਹਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਹਾਂ-ਪੱਖੀ ਹੁੰਗਾਰਾ ਨਾ ਭਰਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸ਼ਾਸਨ ਅਤੇ ਪ੍ਰਸ਼ਾਸਨ ਦੀ ਹੋਵੇਗੀ।