ਸਮਰਬੀਰ ਸਿੰਘ ਸਿੱਧੂ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਆਏ
ਸਮਰਬੀਰ ਸਿੰਘ ਸਿੱਧੂ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਆਏ
Publish Date: Thu, 21 May 2026 04:50 PM (IST)
Updated Date: Fri, 22 May 2026 04:05 AM (IST)
ਫਾਜ਼ਿਲਕਾ : ਪੰਜਾਬ ਭਰ ’ਚ ਸਫ਼ਾਈ ਸੇਵਕ ਯੂਨੀਅਨ ਵੱਲੋਂ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਕਾਂਗਰਸ ਆਗੂ ਸਮਰਬੀਰ ਸਿੰਘ ਸਿੱਧੂ ਆਪਣੀ ਟੀਮ ਸਮੇਤ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਸਫ਼ਾਈ ਕਰਮਚਾਰੀਆਂ ਨੂੰ ਪੂਰਾ ਸਮਰਥਨ ਦਿੱਤਾ। ਉਨ੍ਹਾਂ ਕਰਮਚਾਰੀਆਂ ਨੂੰ ‘ਸਫਾਈ ਯੋਧੇ’ ਕਰਾਰ ਦਿੰਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਜਾਇਜ਼ ਦੱਸਿਆ।
ਵਿਰੋਧ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਅੰਦੋਲਨ ਸਿਰਫ਼ ਇੱਕ ਸ਼ਹਿਰ ਤੱਕ ਸੀਮਿਤ ਨਹੀਂ, ਸਗੋਂ ਪੰਜਾਬ ਭਰ ਦੇ ਸਫਾਈ ਕਰਮਚਾਰੀ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਠੇਕਾ ਪ੍ਰਣਾਲੀ ਖਤਮ ਕਰਨਾ, 10 ਸਾਲਾਂ ਦੇ ਨਿਯਮ ਵਿੱਚ ਸੋਧ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਨ।
ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰਾਂ ਦੀ ਸਫ਼ਾਈ ਅਤੇ ਸੁਚਾਰੂ ਪ੍ਰਬੰਧ ਨੂੰ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਜੇਕਰ ਹਰ ਰੋਜ਼ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਵਾਲੇ ਇਹ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ ਤਾਂ ਇਹ ਸਰਕਾਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਸਮਰਬੀਰ ਸਿੰਘ ਸਿੱਧੂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹੜਤਾਲ ਲੰਬੇ ਸਮੇਂ ਤੱਕ ਜਾਰੀ ਰਹੀ ਤਾਂ ਸੂਬੇ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਹੈ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਟੀਮ ਹਰ ਹਾਲਤ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।
ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਰੁਜ਼ਗਾਰ ਅਤੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਸ ਤੋਂ ਉਲਟ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਣ ਲਈ ਮਜਬੂਰ ਹੈ ਕਿਉਂਕਿ ਸਰਕਾਰ ਲੋਕਾਂ ਦੀ ਸੁਣਵਾਈ ਨਹੀਂ ਕਰ ਰਹੀ।
ਅੰਤ ਵਿੱਚ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਸਫਾਈ ਸੇਵਕ ਯੂਨੀਅਨ ਦੀਆਂ ਮੰਗਾਂ ਦਾ ਹੱਲ ਕੱਢਿਆ ਜਾਵੇ ਤਾਂ ਜੋ ਸਫਾਈ ਵਿਵਸਥਾ ਮੁੜ ਪਟੜੀ ’ਤੇ ਆ ਸਕੇ ਅਤੇ ਕਰਮਚਾਰੀਆਂ ਨੂੰ ਇਨਸਾਫ ਮਿਲ ਸਕੇ।