ਸਰਕਾਰ ਸਫਾਈ ਸੇਵਕਾਂ ਦੀਆਂ ਦਾ ਹੱਲ ਕੱਢੇ : ਭੁੱਲਰ
ਸਫਾਈ ਸੇਵਕਾਂ ਦੀ ਹੜਤਾਲ ਨਾਲ ਵਿਗੜ ਰਹੀ ਸਫਾਈ ਵਿਵਸਥਾ, ਸਰਕਾਰ ਤੁਰੰਤ ਹੱਲ ਕੱਢੇ : ਜਰਨੈਲ ਸਿੰਘ ਭੁੱਲਰ
Publish Date: Sat, 16 May 2026 05:28 PM (IST)
Updated Date: Sat, 16 May 2026 05:30 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਪੰਜਾਬ ਭਰ ਵਿਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਨੂੰ ਗੰਭੀਰ ਮਸਲਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰਾਂ ਅਤੇ ਪਿੰਡਾਂ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ, ਜਿਸ ਨਾਲ ਹਰ ਪਾਸੇ ਗੰਦਗੀ ਦੇ ਢੇਰ ਲੱਗ ਰਹੇ ਹਨ ਅਤੇ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਡਰ ਵਧਦਾ ਜਾ ਰਿਹਾ ਹੈ। ਜਰਨੈਲ ਸਿੰਘ ਭੁੱਲਰ ਨੇ ਕਿਹਾ ਕਿ ਸਫਾਈ ਸੇਵਕ ਸਮਾਜ ਦਾ ਬਹੁਤ ਮਹੱਤਵਪੂਰਨ ਹਿੱਸਾ ਹਨ, ਜੋ ਹਰ ਰੋਜ਼ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਦੇ ਹੱਕਾਂ ਅਤੇ ਮੰਗਾਂ ਨੂੰ ਅਣਡਿੱਠਾ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਮਾਮਲਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਿਹਤ ਸੰਬੰਧੀ ਵੱਡੇ ਸੰਕਟ ਪੈਦਾ ਹੋ ਸਕਦੇ ਹਨ।ਭੁੱਲਰ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਗੰਦਗੀ ਅਤੇ ਕੂੜੇ ਦੇ ਢੇਰਾਂ ਕਾਰਨ ਮੱਖੀਆਂ,ਮੱਛਰਾਂ ਅਤੇ ਬਦਬੂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਦੇ ਫੈਲਣ ਦਾ ਖਤਰਾ ਬਣ ਗਿਆ ਹੈ। ਉਨ੍ਹਾਂ ਸਰਕਾਰ ਅਤੇ ਸਫਾਈ ਕਰਮਚਾਰੀਆਂ ਦੇ ਆਗੂਆਂ ਨੂੰ ਆਪਸੀ ਗੱਲਬਾਤ ਰਾਹੀਂ ਜਲਦ ਹੱਲ ਕੱਢਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਸੂਬੇ ਦੀ ਸਫਾਈ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਸਲੇ ਦਾ ਤੁਰੰਤ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ।