ਮੁੱਦਕੀ ਵਿਖੇ ਸਫ਼ਾਈ ਸੇਵਕਾਂ ਦਾ ਧਰਨਾ ਜਾਰੀ, ਭਾਜਪਾ ਨੇ ਦਿੱਤਾ ਸਮਰਥਨ
ਮੁੱਦਕੀ ਵਿਖੇ ਸਫ਼ਾਈ ਸੇਵਕਾਂ ਦਾ ਧਰਨਾ ਜਾਰੀ, ਭਾਜਪਾ ਆਗੂਆਂ ਨੇ ਦਿੱਤਾ ਸਮਰਥਨ
Publish Date: Wed, 13 May 2026 03:20 PM (IST)
Updated Date: Wed, 13 May 2026 03:21 PM (IST)

ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ ਮੁੱਦਕੀ : ਕਸਬਾ ਮੁੱਦਕੀ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ਦੇ ਹੱਕ ਵਿਚ ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂ ਨਿੱਤਰੇ ਹਨ। ਸਫ਼ਾਈ ਸੇਵਕਾਂ ਨਾਲ ਮੁਲਾਕਾਤ ਕਰਨ ਲਈ ਅਸ਼ੋਕ ਸਾਲੀਨ ਇੰਚਾਰਜ਼ ਨਗਰ ਪੰਚਾਇਤ ਕਮੇਟੀ ਮੁੱਦਕੀ ਅਤੇ ਅਮਰਜੀਤ ਸਿੰਘ ਮੁੱਖ ਸੇਵਾਦਾਰ, ਫਿਰੋਜ਼ਪੁਰ ਦਿਹਾਤੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਆਗੂਆਂ ਨੇ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਜ਼ੂਦਾ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਧਰਨੇ ਵਾਲੀ ਥਾਂ ’ਤੇ ਪਹੁੰਚੇ ਭਾਜਪਾ ਆਗੂਆਂ ਨੇ ਸਫ਼ਾਈ ਸੇਵਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਨੂੰ ਖੱਜਲ-ਖ਼ੁਆਰ ਕਰ ਰਹੀ ਹੈ। ਅਸ਼ੋਕ ਸਾਲੀਨ ਨੇ ਵਿਸ਼ਵਾਸ ਦਿਵਾਇਆ ਕਿ ਜੇਕਰ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ, ਤਾਂ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦਾ ਸੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਜਸਵਿੰਦਰ ਸਿੰਘ ਬੱਬੂ ਭੈਲ ਮੰਡਲ ਪ੍ਰਧਾਨ ਮੁੱਦਕੀ ਭਾਜਪਾ, ਸੁਖਮੰਦਰ ਸਿੰਘ ਮਿਸ਼ਰੀ ਵਾਲਾ ਮੀਤ ਪ੍ਰਧਾਨ ਕਿਸਾਨ ਵਿੰਗ, ਫਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਸ਼ਹਿਜ਼ਾਦੀ ਸਮੇਤ ਹੋਰ ਕਈ ਆਗੂ ਹਾਜ਼ਰ ਸਨ। ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਰਕਾਰ ਨੂੰ ਜਲਦੀ ਤੋਂ ਜਲਦੀ ਸਫ਼ਾਈ ਸੇਵਕਾਂ ਦੀ ਸਾਰ ਲੈਣੀ ਚਾਹੀਦੀ ਹੈ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਪ੍ਰਭਾਵਿਤ ਨਾ ਹੋਵੇ ਅਤੇ ਇਨ੍ਹਾਂ ਮਿਹਨਤਕਸ਼ ਕਾਮਿਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਸਫ਼ਾਈ ਸੇਵਕਾਂ ਨੇ ਭਾਜਪਾ ਆਗੂਆਂ ਦੇ ਇਸ ਭਰੋਸੇ ਦਾ ਸਵਾਗਤ ਕੀਤਾ, ਪਰ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਪੱਕਾ ਹੱਲ ਨਹੀਂ ਹੁੰਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸਮੂਹ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ।