ਸਫਾਈ ਸੇਵਕਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ, ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ
ਸਫਾਈ ਸੇਵਕਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ, ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ
Publish Date: Sat, 09 May 2026 04:54 PM (IST)
Updated Date: Sat, 09 May 2026 04:56 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਖਤਮ ਕਰਨ, ਘੱਟੋ-ਘੱਟ ਤਨਖਾਹ 40 ਹਜ਼ਾਰ ਰੁਪਏ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਫਾਈ ਸੇਵਕ ਯੂਨੀਅਨ ਵੱਲੋਂ ਪੂਰੇ ਪੰਜਾਬ ਵਿੱਚ ਦਿੱਤੀ ਗਈ ਝੰਡਾ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਫਾਈ ਸੇਵਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਫਤਿਹ ਚੰਦ, ਸੁਭਾਸ਼ ਚੰਦ, ਸੁਸ਼ੀਲ ਉਜੀਨਵਾਲ ਅਤੇ ਬੰਟੀ ਕਾਹਿਗੜਾ ਨੇ ਕਿਹਾ ਕਿ ਪਿਛਲੇ ਚਾਰ ਦਿਨਾਂ ਤੋਂ ਪੂਰੇ ਪੰਜਾਬ ਦੇ ਸਫਾਈ ਸੇਵਕ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਹਰ ਰੋਜ਼ ਸੀਵਰੇਜਾਂ ਵਿੱਚ ਉਤਰ ਕੇ ਅਤੇ ਸ਼ਹਿਰ ਦੀ ਸਫਾਈ ਕਰਕੇ ਬਹੁਤ ਹੀ ਖਤਰਨਾਕ ਕੰਮ ਕਰਦੇ ਹਨ। ਇਸ ਦੌਰਾਨ ਕਈ ਵਾਰ ਜਾਨੀ ਨੁਕਸਾਨ ਵੀ ਹੁੰਦਾ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਕੇਵਲ 10 ਹਜ਼ਾਰ ਰੁਪਏ ਤਨਖਾਹ ਮਿਲਦੀ ਹੈ ਅਤੇ ਨੌਕਰੀ ਵੀ ਪੱਕੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਇੰਨੀ ਘੱਟ ਆਮਦਨ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਹੜਤਾਲ ਦੇ ਸਮਰਥਨ ਵਿੱਚ ਡੈਮੋਕਰੇਟਿਕ ਟੀਚਰ ਫਰੰਟ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਵੀ ਸ਼ਾਮਲ ਹੋਏ। ਆਗੂਆਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਵਿੱਚ ਪੱਕੀ ਭਰਤੀ ਦੀ ਥਾਂ ਠੇਕੇ ’ਤੇ ਭਰਤੀ ਕੀਤੀ ਜਾ ਰਹੀ ਹੈ, ਤਨਖਾਹਾਂ ਵਿੱਚ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੈਨਸ਼ਨ ਵਰਗੀਆਂ ਸਹੂਲਤਾਂ ਖਤਮ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮਹਿੰਦਰ ਫਾਜ਼ਿਲਕਾ, ਗੁਰਵਿੰਦਰ ਸਿੰਘ,ਆਦਿਤਿਆ ਕੁਮਾਰ,ਅਜੈ ਖੋਸਲਾ,ਧੀਰਜ,ਰਾਜਨ ਮੁਹਾਰ ਸੋਨਾ,ਸਤਨਾਮ ਸਿੰਘ ਆਦਿ ਹਾਜਰ ਸਨ। ਉਨ੍ਹਾਂ ਮੰਗ ਕੀਤੀ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਮੰਨੀਆਂ ਜਾਣ, ਨਹੀਂ ਤਾਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।