ਜਨਗਣਨਾ-2027 ਅਧੀਨ ਕੀਤੀ ਜਾ ਸਕਦੀ ਹੈ ਸੈਲਫ-ਇਨਿਊਮਰੇਸ਼ਨ : ਡੀਸੀ
ਜਨਗਣਨਾ 2027 ਅਧੀਨ ਕੀਤੀ ਜਾ ਸਕਦੀ ਹੈ ਸੈਲਫ-ਇਨਿਊਮਰੇਸ਼ਨ: ਡਿਪਟੀ ਕਮਿਸ਼ਨਰ
Publish Date: Thu, 30 Apr 2026 04:47 PM (IST)
Updated Date: Thu, 30 Apr 2026 04:49 PM (IST)

- ਜ਼ਿਲ੍ਹੇ ਦੀਆਂ ਵੱਖ-ਵੱਖ ਹਸਤੀਆਂ ਨੇ ਕੀਤੀ ਸਵੈ-ਗਣਨਾ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ-2027 ਦੌਰਾਨ ਆਮ ਜਨਤਾ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਸਹੂਲਤ 30 ਅਪ੍ਰੈਲ ਤੋਂ 14 ਮਈ 2026 ਤੱਕ ਉਪਲਬੱਧ ਰਹੇਗੀ। ਇਸ ਸਮੇਂ ਦੌਰਾਨ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ’ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਸੈਲਫ-ਇਨਿਊਮਰੇਸ਼ਨ ਦੇ ਮੱਦੇਨਜ਼ਰ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਚੇਅਰਮੈਨ ਪੰਜਾਬ ਐਗਰੋ ਸ਼ਮਿੰਦਰ ਸਿੰਘ ਖਿੰਡਾ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਆਦਿ ਵੱਲੋਂ ਸਵੈ ਗਣਨਾ ਕੀਤੀ ਗਈ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਬਾਰੇ ਜਾਣਕਾਰੀ ਦੇ ਕੇ ਸਵੈ ਗਣਨਾ ਕਰਨ ਬਾਰੇ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਪੋਰਟਲ ਦੀ ਵਰਤੋਂ ਲਈ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਕਰਨ ਤੋਂ ਬਾਅਦ ਪੋਰਟਲ ’ਤੇ ਦਿੱਤੇ ਗਏ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਫਾਰਮ ਸਬਮਿਟ ਕਰਨ ਉਪਰੰਤ ਇਕ ਵਿਲੱਖਣ ਸੈਲਫ-ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ। ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ’ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿਚ ਸਹਿਯੋਗ ਦੇਣ।