ਤਨਖਾਹਾਂ ਨਾ ਮਿਲਣ ਕਾਰਨ ਸੇਵਾ ਕੇਂਦਰ ਕਰਮਚਾਰੀਆਂ ਵੱਲੋਂ ਹੜਤਾਲ
ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਅੱਜ ਹੜਤਾਲ ਕਰ ਦਿੱਤੀ, ਜਿਸ ਕਾਰਨ ਐਸਡੀਐਮ ਦਫ਼ਤਰ ਵਿੱਚ ਕੰਮਕਾਜ ਪ੍ਰਭਾਵਿਤ ਰਿਹਾ।
Publish Date: Wed, 27 May 2026 03:23 PM (IST)
Updated Date: Wed, 27 May 2026 03:25 PM (IST)

ਰਮਨ ਕੁਮਾਰ.ਪੰਜਾਬੀ ਜਾਗਰਣ ਫ਼ਾਜ਼ਿਲਕਾ : ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਅੱਜ ਹੜਤਾਲ ਕਰ ਦਿੱਤੀ, ਜਿਸ ਕਾਰਨ ਐਸਡੀਐਮ ਦਫ਼ਤਰ ਵਿੱਚ ਕੰਮਕਾਜ ਪ੍ਰਭਾਵਿਤ ਰਿਹਾ। ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਸੇਵਾ ਕੇਂਦਰ ਦੀ ਕਰਮਚਾਰੀ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਘੱਟ ਤਨਖਾਹ ਤੇ ਲਗਾਤਾਰ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਵੀ ਜਾਰੀ ਨਹੀਂ ਕੀਤੀਆਂ ਗਈਆਂ। ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ ਇੱਕ ਨਿੱਜੀ ਕੰਪਨੀ ਰਾਹੀਂ ਕੀਤੀ ਗਈ ਸੀ, ਪਰ ਉਨ੍ਹਾਂ ਨੂੰ ਨਾ ਤਾਂ ਸਮੇਂ ਸਿਰ ਤਨਖਾਹ ਮਿਲ ਰਹੀ ਹੈ ਅਤੇ ਨਾ ਹੀ ਹੋਰ ਸਹੂਲਤਾਂ। ਉਨ੍ਹਾਂ ਮੰਗ ਕੀਤੀ ਕਿ ਸੇਵਾ ਕੇਂਦਰ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ, ਮਹੀਨਾਵਾਰ ਭੁਗਤਾਨ ਯਕੀਨੀ ਬਣਾਇਆ ਜਾਵੇ ਅਤੇ ਅਸਥਾਈ ਕਰਮਚਾਰੀਆਂ ਨੂੰ ਸਥਾਈ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ 1948 ਦੇ ਲੇਬਰ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਈ ਵਾਰ ਸਰਕਾਰ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।