ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 31 Mar 2026 06:00 PM (IST)
Updated Date: Tue, 31 Mar 2026 06:04 PM (IST)

ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ ਮੁੱਦਕੀ : ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਜੋ ਕਿ ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਥਾਪਿਤ ਕੀਤੀ ਗਈ ਸੀ ਵੱਲੋਂ ਅਕਾਦਮਿਕ ਸੈਸ਼ਨ 2025-26 ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸੰਜੀਵ ਜੈਨ ਨੇ ਦੱਸਿਆ ਕਿ 28 ਮਾਰਚ ਨੂੰ ਨਰਸਰੀ ਤੋਂ ਲੈ ਕੇ ਤੀਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਬੱਚਿਆਂ ਦਾ ਨਤੀਜਾ ਐਲਾਨ ਕੀਤਾ ਗਿਆ ਸੀ ਤੇ 30 ਮਾਰਚ ਨੂੰ ਚੌਥੀ ਤੋਂ ਨੌਵੀਂ ਜਮਾਤ ਅਤੇ ਗਿਆਰਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਕਰਵਾਏ ਸਮਾਰੋਹ ਦੌਰਾਨ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਸੰਘਾ ਅਤੇ ਮੈਨੇਜਰ ਵਿਰਸਾ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਵੱਲੋਂ ਵੱਖ-ਵੱਖ ਜਮਾਤਾਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੰਜੀਵ ਜੈਨ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਇਹ ਸਫ਼ਲਤਾ ਬੱਚਿਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ। ਮਾਪਿਆਂ ਨੇ ਵੀ ਸਕੂਲ ਦੇ ਪ੍ਰਬੰਧਕੀ ਢਾਂਚੇ ਅਤੇ ਅਧਿਆਪਕਾਂ ਦੀ ਮਿਹਨਤ ’ਤੇ ਤਸੱਲੀ ਪ੍ਰਗਟ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ। ਅੰਤ ਵਿਚ ਮੈਨੇਜਮੈਂਟ ਵੱਲੋਂ ਸਭ ਦਾ ਧੰਨਵਾਦ ਕਰਦਿਆਂ ਨਵੇਂ ਸੈਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।