ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਫੂਕਿਆ ਪੁਤਲਾ
ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਫੂਕਿਆ ਪੁਤਲਾ
Publish Date: Sat, 10 Jan 2026 07:20 PM (IST)
Updated Date: Sat, 10 Jan 2026 07:21 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸ਼ਨੀਵਾਰ ਨੂੰ ਤਿੱਖਾ ਰੋਸ ਪ੍ਰਦਰਸ਼ਨ ਕਰਦਿਆਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਪੁਤਲਾ ਫੂਕਿਆ ਗਿਆ। ਅਕਾਲੀ ਆਗੂਆਂ ਨੇ ਦੋਸ਼ ਲਾਉਂਦਿਆਂ ਰੋਸ ਜਾਹਰ ਕੀਤਾ ਕਿ ਦਿੱਲੀ ਵਿਧਾਨ ਸਭਾ ਅੰਦਰ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਪ੍ਰਤੀ ਵਰਤੀ ਗਈ ਕਥਿਤ ਭੱਦੀ ਸ਼ਬਦਾਵਲੀ ਵਰਤੀ ਗਈ। ਇਸ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਬੱਬੂ ਅਤੇ ਜ਼ੀਰਾ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਸਾਂਝੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਕਾਲੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਆਤਿਸ਼ੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦਾ ਪੁਤਲਾ ਫੂਕਿਆ। ਅਕਾਲੀ ਆਗੂਆਂ ਨੇ ਦੱਸਿਆ ਕਿ 6 ਜਨਵਰੀ 2026 ਨੂੰ ਦਿੱਲੀ ਵਿਧਾਨ ਸਭਾ ਵਿੱਚ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਿਸ਼ੇਸ਼ ਚਰਚਾ ਚੱਲ ਰਹੀ ਸੀ, ਤਾਂ ਆਤਿਸ਼ੀ ਨੇ ਜਾਣਬੁੱਝ ਕੇ ਵਿਘਨ ਪਾਇਆ ਅਤੇ ਅਜਿਹੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਜਿਸ ਨਾਲ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਕਿਹਾ ਕਿ ਇੱਕ ਉੱਚੇ ਅਹੁਦੇ ਤੇ ਰਹਿ ਚੁੱਕੀ ਸ਼ਖਸ਼ੀਅਤ ਤੋਂ ਅਜਿਹੀ ਘਿਨਾਉਣੀ ਹਰਕਤ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਂ ਇੱਕ ਮੰਗ ਪੱਤਰ ਉਪ ਮੰਡਲ ਮੈਜਿਸਟ੍ਰੇਟ ਕਰਨ ਦੀਪ ਸਿੰਘ ਨੂੰ ਸੌਂਪਿਆ ਗਿਆ। ਇਸ ਵਿੱਚ ਮੰਗ ਕੀਤੀ ਗਈ ਕਿ ਆਤਿਸ਼ੀ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਅਪਰਾਧਿਕ ਮਾਮਲਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਰੱਦ ਕੀਤੀ ਜਾਵੇ। ਪੱਤਰ ਵਿੱਚ ਇਹ ਵੀ ਮੁੱਦਾ ਉਠਾਇਆ ਗਿਆ ਕਿ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਤੇ ਸਿੱਖ ਸੰਸਥਾਵਾਂ ਅਤੇ ਗੁਰੂ ਸਾਹਿਬਾਨ ਵਿਰੁੱਧ ਸੋਚੀ ਸਮਝੀ ਸਾਜ਼ਿਸ਼ ਤਹਿਤ ਅਪਮਾਨਜਨਕ ਵੀਡੀਓਜ਼ ਪਾਈਆਂ ਜਾ ਰਹੀਆਂ ਹਨ। ਅਕਾਲੀ ਦਲ ਨੇ ਮੰਗ ਕੀਤੀ ਕਿ ਸਾਈਬਰ ਸੈੱਲ ਰਾਹੀਂ ਅਜਿਹੇ ਸਾਰੇ ਲਿੰਕ ਹਟਾਏ ਜਾਣ ਅਤੇ ਇਸ ਸਾਜ਼ਿਸ਼ ਪਿੱਛੇ ਮੌਜੂਦ ਦੋਸ਼ੀਆਂ ਨੂੰ ਬੇਨਕਾਬ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਜਲਦ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਐੱਸਜੀਪੀਸੀ ਮੈਂਬਰ ਸਤਪਾਲ ਸਿੰਘ ਤਲਵੰਡੀ, ਭਗਵਾਨ ਸਿੰਘ ਨੂਰਪੁਰ ਅਤੇ ਹੋਰ ਵੀ ਮੈਂਬਰ ਹਾਜ਼ਰ ਸਨ।