ਵਿਸ਼ਵ ਸਿਹਤ ਦਿਵਸ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
Publish Date: Tue, 07 Apr 2026 05:24 PM (IST)
Updated Date: Tue, 07 Apr 2026 05:26 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਵਿਸ਼ਵ ਸਿਹਤ ਦਿਵਸ ਦੇ ਮੌਕੇ ’ਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫਿਰੋਜ਼ਪੁਰ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਧਰਮਪਾਲ ਬਾਸਲ (ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜਪੁਰ ਅਤੇ ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ) ਵੱਲੋਂ ਕਿਹਾ ਗਿਆ ਕਿ ਨਰਸਿੰਗ ਵਿਦਿਆਰਥੀਆਂ ਦਾ ਫਰਜ਼ ਸਿਰਫ਼ ਹਸਪਤਾਲ ਤੱਕ ਸੀਮਿਤ ਨਹੀਂ, ਸਗੋਂ ਸਮਾਜ ਵਿਚ ਸਿਹਤ ਸੇਵਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਨਰਸਿੰਗ ਵਿਦਿਆਰਥੀਆਂ ਵੱਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ, ਜਿਸ ਦੌਰਾਨ ਉਹਨਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਨਾਲ ਜੁੜੀਆਂ ਜ਼ਰੂਰੀ ਜਾਣਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ਚਾਰਟ ਅਤੇ ਪੋਸਟਰ ਤਿਆਰ ਕਰਕੇ ਲੋਕਾਂ ਨੂੰ ਸੰਤੁਲਿਤ ਆਹਾਰ, ਸਾਫ਼-ਸਫਾਈ ਅਤੇ ਨਿਯਮਿਤ ਕਸਰਤ ਦੀ ਮਹੱਤਤਾ ਬਾਰੇ ਸਮਝਾਇਆ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਜੰਕ ਫੂਡ ਤੋਂ ਦੂਰ ਰਹਿਣਾ, ਹਰੀ ਸਬਜ਼ੀਆਂ ਅਤੇ ਫਲਾਂ ਦਾ ਸੇਵਨ ਕਰਨਾ ਅਤੇ ਰੋਜ਼ਾਨਾ ਯੋਗਾ ਕਰਨਾ ਸਰੀਰ ਨੂੰ ਤੰਦਰੁਸਤ ਰੱਖਣ ਲਈ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਸਾਫ਼ ਪਾਣੀ ਪੀਣਾ ਅਤੇ ਨਿੱਜੀ ਸਫ਼ਾਈ ਦਾ ਧਿਆਨ ਰੱਖਣਾ ਵੀ ਚੰਗੀ ਸਿਹਤ ਲਈ ਲਾਜ਼ਮੀ ਹੈ। ਇਸ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੇ ਵੀ ਵਿਦਿਆਰਥੀਆਂ ਦੀ ਇਸ ਕੋਸ਼ਿਸ਼ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਦੇ ਸੁਨੇਹਿਆਂ ਨੂੰ ਧਿਆਨ ਨਾਲ ਸੁਣਿਆ। ਕਈ ਲੋਕਾਂ ਨੇ ਸਵੀਕਾਰਿਆ ਕਿ ਅੱਜਕੱਲ੍ਹ ਦੀ ਦੌੜ-ਭੱਜ ਵਾਲੀ ਜ਼ਿੰਦਗੀ ਵਿਚ ਉਹ ਆਪਣੀ ਸਿਹਤ ਵੱਲ ਘੱਟ ਧਿਆਨ ਦੇ ਪਾ ਰਹੇ ਹਨ, ਪਰ ਇਸ ਤਰ੍ਹਾਂ ਦੀਆਂ ਮੁਹਿੰਮਾਂ ਉਨ੍ਹਾਂ ਨੂੰ ਆਪਣੀ ਜੀਵਨ ਸ਼ੈਲੀ ਬਦਲਣ ਲਈ ਪ੍ਰੇਰਿਤ ਕਰਦੀਆਂ ਹਨ।