ਸੱਤਾ ’ਚ ਨਹੀਂ ਸਲਾਖਾਂ ਪਿੱਛੇ ਜਾਣਗੇ ਸੁਖਬੀਰ ਤੇ ਮਜੀਠੀਆ : ਭਗਵੰਤ ਮਾਨ
ਸੱਤਾ ਵਿੱਚ ਨਹੀਂ , ਸਲਾਖਾਂ ਪਿੱਛੇ ਜਾਣਗੇ ਸੁਖਬੀਰ ਅਤੇ ਮਜੀਠੀਆ; ਭਗਵੰਤ ਮਾਨ
Publish Date: Fri, 08 May 2026 05:45 PM (IST)
Updated Date: Fri, 08 May 2026 05:47 PM (IST)

ਪੰਜਾਬੀ ਜਾਗਰਣ ਟੀਮ, ਮਖੂ/ ਜ਼ੀਰਾ/ ਤਲਵੰਡੀ ਭਾਈ (ਫਿਰੋਜ਼ਪੁਰ) : ਸ਼ੁਕਰਾਨਾ ਯਾਤਰਾ ’ਤੇ ਨਿਕਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ’ਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲਾਉਂਦਿਆਂ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ। ਇਸ ਦੌਰਾਨ ਜ਼ੀਰਾ ਅਤੇ ਤਲਵੰਡੀ ਭਾਈ ਵਿਖੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ‘‘ ਸੁਖਬੀਰ ਸੱਤਾ ਵਿੱਚ ਸ਼ਾਇਦ ਦੁਬਾਰਾ ਕਦੇ ਵੀ ਨਹੀਂ ਆਵੇਗਾ, ਪਰ ਉਹ ਸਮਾਂ ਜ਼ਰੂਰ ਆਵੇਗਾ ਜਦੋਂ ਉਹ ਅਤੇ ਮਜੀਠੀਆ, ਦੋਵੇਂ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਆਖਿਆ ਕਿ ਲੋਕਾਂ ’ਤੇ ਜ਼ੁਲਮ ਢਾਹੁਣ ਤੋਂ ਬਾਅਦ ਵੀ ਉਹ ਬੇਸ਼ਰਮੀ ਨਾਲ ਰੈਲੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ ਕਿਉਂਕਿ ਉਹ ਇੱਕ-ਦੂਜੇ ਨਾਲ ਗੱਲ ਨਹੀਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਪਰਮਾਤਮਾ ਦਾ ਰਿਣੀ ਹੈ ਜਿਸ ਨੇ ਉਸ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਦਾ ਸੁਭਾਗ ਬਖਸ਼ਿਆ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਜਾਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਕਿ ਹੁਣ ਜੋ ਵੀ ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਪਾਇਆ ਜਾਵੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਇਸ ਅਪਰਾਧ ਲਈ ਸਜ਼ਾ ਦਿੱਤੀ ਜਾਵੇਗੀ। ਅਕਾਲੀ ਦਲ ਬਾਦਲ ਨੇਤਾਵਾਂ ’ਤੇ ਦੋਸ਼ ਲਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਬੇਅਦਬੀ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਨਿਰਦੋਸ਼ ਲੋਕਾਂ ’ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਇਹ ਸੇਵਾ ਸੌਂਪੀ ਹੈ ਜਿਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ, ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੱਲ੍ਹ ਉਹ ਦਮਦਮਾ ਸਾਹਿਬ ਵਿਖੇ ਮੱਥਾ ਟੇਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, 65,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ਾ ਬੰਦ ਕਰਨ ਨਾਲ ਲੋਕਾਂ ਦੀ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਅਤੇ ਬੁਨਿਆਦੀ ਢਾਂਚਾ ਉਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14000 ਕਿਲੋਮੀਟਰ ਪਾਈਪਾਂ ਅਤੇ ਖਾਲੇ ਬਣਾਏ ਹਨ,ਜਿੰਨ੍ਹਾ ਵਿੱਚੋਂ 21000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ 15 ਜੁਲਾਈ ਤੱਕ ਸੂਬੇ ਭਰ ਵਿੱਚ 3100 ਨਵੇਂ ਬਣੇ ਖੇਡ ਮੈਦਾਨ ਸਮਰਪਿਤ ਕਰੇਗੀ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜ਼ਨੀਸ ਕੁਮਾਰ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ, ਚੇਅਰਮੈਨ ਪੰਜਾਬ ਐਗਰੋ ਸ਼ਮਿੰਦਰ ਸਿੰਘ ਖਿੰਡਾ, ਚੇਅਰਮੈਨ ਬੀ.ਸੀ. ਕਮਿਸ਼ਨ ਪੰਜਾਬ ਡਾ. ਮਲਕੀਤ ਸਿੰਘ ਥਿੰਦ, ਚੇਅਰਮੈਨ ਮਾਰਕਫੈੱਡ ਇੰਦਰਜੀਤ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਜਿੰਦਰ ਸਿੰਘ ਘਾਗਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ,ਹਿਮਾਂਸ਼ੂ ਠੱਕਰ , ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ,ਕਿੱਤਰ ਸਿੰਘ ਕੁਤਬੇ ਵਾਲਾ, ਰਾਜ ਬਹਾਦੁਰ ਸਿੰਘ ਗਿੱਲ, ਨੇਕ ਪ੍ਰਤਾਪ ਸਿੰਘ, ਸਖਚੈਨ ਸਿੰਘ ਖਾਈ ਬਲਾਕ ਸੰਮਤੀ ਮੈਂਬਰ ਤੋਂ ਇਲਾਵਾ ਹੋਰ ਸ਼ਖਸ਼ੀਅਤਾਂ ਅਤੇ ਪਤਵੰਤੇ ਸੱਜਣ ਹਾਜ਼ਰ ਸਨ।