ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਹਟ ਰਹੀ ਹੈ : ਕੁਲਬੀਰ ਸਿੰਘ ਜ਼ੀਰਾ
ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਹਟ ਰਹੀ ਹੈ: ਕੁਲਬੀਰ ਸਿੰਘ ਜ਼ੀਰਾ
Publish Date: Wed, 08 Apr 2026 03:39 PM (IST)
Updated Date: Wed, 08 Apr 2026 03:41 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਪੰਜਾਬ ਵਿਚ ਹਾਲ ਹੀ ਦੌਰਾਨ ਪਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਖੇਤੀਬਾੜੀ ਨੂੰ ਗੰਭੀਰ ਝਟਕਾ ਦਿੱਤਾ ਹੈ,ਜਿਸ ਨਾਲ ਕਣਕ ਦੀ ਤਿਆਰ ਖੜ੍ਹੀ ਫਸਲ ਨੂੰ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਿਆ ਹੈ। ਇਸ ਸੰਕਟਮਈ ਸਥਿਤੀ ’ਤੇ ਗਹਿਰੀ ਚਿੰਤਾ ਜਤਾਉਂਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਸੂਬਾ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹਾਲੀਆ ਹੜ੍ਹਾਂ ਦੇ ਨੁਕਸਾਨ ਤੋਂ ਕਿਸਾਨ ਅਜੇ ਸੰਭਲੇ ਵੀ ਨਹੀਂ ਸਨ ਕਿ ਹੁਣ ਕਟਾਈ ਦੇ ਸਮੇਂ ਹੋਈ ਬਾਰਸ਼ ਅਤੇ ਗੜੇਮਾਰੀ ਨੇ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਇਹ ਦੋਹਰਾ ਸੰਕਟ ਕਿਸਾਨਾਂ ਨੂੰ ਭਾਰੀ ਆਰਥਿਕ ਦਬਾਅ ਹੇਠ ਲੈ ਆਇਆ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ’ਚ ਅਨਿਸ਼ਚਿਤਤਾ ਹੋਰ ਵਧ ਗਈ ਹੈ। ਕੁਲਬੀਰ ਸਿੰਘ ਜੀਰਾ ਨੇ ਦੱਸਿਆ ਕਿ ਕਣਕ ਦੀ ਵੱਡੀ ਹਿੱਸੇਦਾਰੀ ਨੁਕਸਾਨੀ ਗਈ ਹੈ, ਜਿਸ ਨਾਲ ਪਹਿਲਾਂ ਹੀ ਕਰਜ਼ੇ ਅਤੇ ਖਰਚਿਆਂ ਹੇਠ ਦਬੇ ਕਿਸਾਨਾਂ ਦੀ ਹਾਲਤ ਹੋਰ ਵੀ ਨਾਜ਼ੁਕ ਹੋ ਗਈ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਤੁਰੰਤ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਇਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਿਨ੍ਹਾ ਦੇਰੀ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਤੀ ਏਕੜ 50,000 ਰੁਪਏ ਮੁਆਵਜ਼ਾ ਦੇਣ ਦੀ ਤੁਰੰਤ ਘੋਸ਼ਣਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਰਾਹਤ ਰਕਮ ਬਿਨਾਂ ਕਿਸੇ ਰੁਕਾਵਟ ਦੇ ਸਿੱਧੀ ਕਿਸਾਨਾਂ ਤੱਕ ਪਹੁੰਚੇ। ਉਨ੍ਹਾਂ ਦੱਸਿਆ ਕਿ ਕਿਸਾਨ ਪੰਜਾਬ ਦੀ ਅਰਥ-ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਤੁਰੰਤ ਫੈਸਲੇ ਲੈਣਾ ਬਹੁਤ ਜ਼ਰੂਰੀ ਹਨ।