ਜ਼ੀਰਾ ਦੀ ਜਨਤਾ ਦੇ ਪਿਆਰ ਨੇ ਕਾਂਗਰਸ ’ਚ ਭਰਿਆ ਨਵਾਂ ਜੋਸ਼ : ਕੁਲਬੀਰ ਸਿੰਘ ਜ਼ੀਰਾ
ਨਗਰ ਕੌਂਸਲ ਚੋਣਾਂ ਦੌਰਾਨ ਜ਼ੀਰਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵੱਲੋਂ ਮਿਲੇ ਭਰਪੂਰ ਪਿਆਰ, ਸਹਿਯੋਗ ਅਤੇ ਵਿਸ਼ਵਾਸ ਤੋਂ ਉਤਸ਼ਾਹਿਤ ਹੋ ਕੇ ਕਾਂਗਰਸ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸਮੂਹ ਵੋਟਰਾਂ, ਸਪੋਰਟਰਾਂ ਅਤੇ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Publish Date: Wed, 27 May 2026 04:21 PM (IST)
Updated Date: Wed, 27 May 2026 04:22 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਨਗਰ ਕੌਂਸਲ ਚੋਣਾਂ ਦੌਰਾਨ ਜ਼ੀਰਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵੱਲੋਂ ਮਿਲੇ ਭਰਪੂਰ ਪਿਆਰ, ਸਹਿਯੋਗ ਅਤੇ ਵਿਸ਼ਵਾਸ ਤੋਂ ਉਤਸ਼ਾਹਿਤ ਹੋ ਕੇ ਕਾਂਗਰਸ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸਮੂਹ ਵੋਟਰਾਂ, ਸਪੋਰਟਰਾਂ ਅਤੇ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਜੀਰਾ ਦੀ ਜਨਤਾ ਨੇ ਹਰ ਸਮੇਂ ਕਾਂਗਰਸ ਪਾਰਟੀ ਦੀ ਲੋਕ-ਹਿਤੈਸ਼ੀ ਸੋਚ, ਵਿਕਾਸਮੁੱਖ ਨੀਤੀਆਂ ਅਤੇ ਲੋਕਾਂ ਨਾਲ ਜੁੜੇ ਕਾਰਜਾਂ ਨੂੰ ਖੁੱਲ੍ਹੇ ਦਿਲ ਨਾਲ ਸਵੀਕਾਰਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਲੋਕਾਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਵਿਸ਼ਵਾਸ ਨੇ ਪਾਰਟੀ ਦੇ ਹਰ ਵਰਕਰ ਵਿਚ ਨਵੀਂ ਉਰਜਾ ਅਤੇ ਜੋਸ਼ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਜੀਰਾ ਦੇ ਵੋਟਰਾਂ ਨੇ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਕੇ ਲੋਕਤੰਤਰ ਨੂੰ ਹੋਰ ਮਜ਼ਬੂਤੀ ਬਖ਼ਸ਼ੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮਿਲੇ ਭਾਰੀ ਸਹਿਯੋਗ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਅੱਜ ਵੀ ਕਾਂਗਰਸ ਪਾਰਟੀ ਦੀ ਨੀਤੀਆਂ ਅਤੇ ਕੰਮ ਕਰਨ ਦੇ ਢੰਗ ’ਤੇ ਪੂਰਾ ਵਿਸ਼ਵਾਸ ਰੱਖਦੇ ਹਨ। ਕੁਲਬੀਰ ਸਿੰਘ ਜੀਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਦੁੱਖ-ਸੁੱਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸੇਵਾ ਕਰਦੀ ਰਹੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪਾਰਟੀ ਪੂਰੀ ਤਨਦੇਹੀ ਅਤੇ ਵਚਨਬੱਧਤਾ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਜੀਰਾ ਅਤੇ ਇਲਾਕੇ ਦੇ ਵਿਕਾਸ, ਲੋਕਾਂ ਦੀ ਭਲਾਈ ਅਤੇ ਜਨਹਿਤ ਮੁੱਦਿਆਂ ਲਈ ਕਾਂਗਰਸ ਪਾਰਟੀ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਲੋਕਾਂ ਦੇ ਵਿਸ਼ਵਾਸ ’ਤੇ ਹਰ ਹਾਲਤ ਵਿੱਚ ਖਰਾ ਉਤਰਿਆ ਜਾਵੇਗਾ।