ਨਹਿਰਾਂ ’ਚ ਆ ਰਹੇ ਜ਼ਹਿਰੀਲੇ ਪਾਣੀ ਤੋਂ ਲੋਕ ਪਰੇਸ਼ਾਨ
ਅਬੋਹਰ ਦੀਆਂ ਨਹਿਰਾਂ ਵਿੱਚ ਆ ਰਿਹਾ ਜ਼ਹਿਰੀਲਾ ਪਾਣੀ : ਸੰਦੀਪ ਜਾਖੜ
Publish Date: Thu, 30 Apr 2026 05:08 PM (IST)
Updated Date: Thu, 30 Apr 2026 05:10 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਾਜ਼ਿਲਕਾ : ਅਬੋਹਰ ਦੀਆਂ ਨਹਿਰਾਂ ਵਿੱਚ ਵਗਦੇ ਕਾਲੇ ਅਤੇ ਜ਼ਹਿਰੀਲੇ ਪਾਣੀ ਨੇ ਇਲਾਕੇ ਦੇ ਲੋਕਾਂ ਲਈ ਗੰਭੀਰ ਸਿਹਤ ਸੰਕਟ ਖੜ੍ਹਾ ਕਰ ਦਿੱਤਾ ਹੈ। ਸਥਾਨਕ ਵਿਧਾਇਕ ਸੰਦੀਪ ਜਾਖੜ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਬਦਲਾਅ ਦੇ ਦਾਅਵੇ ਜ਼ਮੀਨੀ ਹਕੀਕਤ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਦਾ ਨਾਅਰਾ ਸਿਰਫ਼ ਇਸ਼ਤਿਹਾਰਾਂ ਤੱਕ ਸੀਮਿਤ ਰਹਿ ਗਿਆ ਹੈ, ਜਦੋਂਕਿ ਅਸਲ ਹਕੀਕਤ ਇਹ ਹੈ ਕਿ ਅਬੋਹਰ ਦੇ ਲੋਕ ਸਾਫ਼ ਪੀਣ ਵਾਲੇ ਪਾਣੀ ਲਈ ਤਰਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਲੈਬਾਂ ਵਿੱਚ ਪਾਣੀ ਦੇ ਸੈਂਪਲ ਫੇਲ੍ਹ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪਾਣੀ ਪੀਣ ਯੋਗ ਨਹੀਂ ਹੈ। ਜਾਖੜ ਨੇ ਕਿਹਾ ਕਿ ਜਦੋਂ ਸਰਕਾਰੀ ਲੈਬ ਖੁਦ ਮੰਨ ਰਹੀ ਹੈ ਕਿ ਪਾਣੀ ਅਸੁਰੱਖਿਅਤ ਹੈ, ਤਾਂ ਇਹ ਦਰਸਾਉਂਦਾ ਹੈ ਕਿ ਪ੍ਰਸ਼ਾਸਨ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਿਹਾ ਹੈ। ਇਹ ਸਿਰਫ਼ ਪਾਣੀ ਦੀ ਕਮੀ ਨਹੀਂ, ਸਗੋਂ ਬਿਮਾਰੀਆਂ ਨੂੰ ਸਿੱਧਾ ਸੱਦਾ ਹੈ। ਕੀ ਸਰਕਾਰ ਕਿਸੇ ਵੱਡੀ ਮਹਾਂਮਾਰੀ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਿਤ ਪਾਣੀ ਕਾਰਨ ਇਲਾਕੇ ਵਿੱਚ ਕੈਂਸਰ, ਹੈਪੇਟਾਈਟਸ ਅਤੇ ਚਮੜੀ ਰੋਗਾਂ ਵਰਗੀਆਂ ਬਿਮਾਰੀਆਂ ਵਧ ਰਹੀਆਂ ਹਨ, ਜਦਕਿ ਪਸ਼ੂ ਵੀ ਇਸ ਜ਼ਹਿਰੀਲੇ ਪਾਣੀ ਨਾਲ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਭਲਾਈ ਰਾਜ ਵਿੱਚ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ, ਪਰ ਮੌਜੂਦਾ ਹਾਲਾਤਾਂ ਵਿੱਚ ਸਰਕਾਰ ਇਸ ਮੋਰਚੇ ’ਤੇ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਪਰ ਨਹਿਰਾਂ ਦੀ ਸਫ਼ਾਈ ਅਤੇ ਸਾਫ਼ ਪਾਣੀ ਦੀ ਸਪਲਾਈ ਲਈ ਨਾ ਕੋਈ ਢੰਗ ਦਾ ਬਜਟ ਹੈ ਅਤੇ ਨਾ ਹੀ ਇਰਾਦਾ। ਜਾਖੜ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੀ ਚੁੱਪੀ ਨੂੰ ਕਮਜ਼ੋਰੀ ਨਾ ਸਮਝਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਨਹਿਰਾਂ ਵਿੱਚ ਦੂਸ਼ਿਤ ਪਾਣੀ ਛੱਡਣਾ ਤੁਰੰਤ ਬੰਦ ਕੀਤਾ ਜਾਵੇ ਅਤੇ ਵਾਟਰ ਵਰਕਸ ਤੋਂ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਜੇਕਰ ਪਾਣੀ ਦੇ ਸੈਂਪਲ ਫੇਲ੍ਹ ਹੁੰਦੇ ਹਨ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਅਬੋਹਰ ਦੇ ਲੋਕਾਂ ਨੂੰ ਜ਼ਹਿਰੀਲਾ ਪਾਣੀ ਦੇਣਾ ਤੁਰੰਤ ਬੰਦ ਕੀਤਾ ਜਾਵੇ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਥਿਤੀ ਜਲਦੀ ਨਾ ਸੁਧਰੀ ਤਾਂ ਲੋਕਾਂ ਦੀ ਆਵਾਜ਼ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਹੋਰ ਵੀ ਬੁਲੰਦ ਹੋਵੇਗੀ।