ਸੰਤ ਕਬੀਰ ਗੁਰੂਕੁਲ ਸਕੂਲ ’ਚ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ
ਸੰਤ ਕਬੀਰ ਗੁਰੂਕੁਲ ਸਕੂਲ ਵਿੱਚ ਟਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ
Publish Date: Fri, 15 May 2026 04:31 PM (IST)
Updated Date: Fri, 15 May 2026 04:33 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਸਥਾਨਕ ਟ੍ਰੈਫਿਕ ਪੁਲਿਸ ਸਟਾਫ ਵੱਲੋਂ ਸੀਨੀਅਰ ਸਿਟੀਜਨ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਸੰਤ ਕਬੀਰ ਗੁਰੂਕੁਲ ਸਕੂਲ, ਜਲਾਲਾਬਾਦ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ ਚੰਨ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸੜਕ ਹਾਦਸਿਆਂ ਦੀ ਵੱਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਹੈ ਅਤੇ ਇਨ੍ਹਾਂ ਹਾਦਸਿਆਂ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਛੋਟੀ ਉਮਰ ਤੋਂ ਹੀ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਆਪਣੇ ਨਾਲ-ਨਾਲ ਹੋਰ ਲੋਕਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖ ਸਕਣ। ਚੰਨ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਬਿਨਾਂ ਹੈਲਮੈਟ ਅਤੇ ਸੀਟ ਬੈਲਟ ਦੇ ਸਫਰ ਕਰਨਾ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਉਣ ਦੇ ਬਰਾਬਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਾ ਕਰਕੇ ਵਾਹਨ ਨਾ ਚਲਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਮੋਬਾਈਲ ਫੋਨ ਦੀ ਵਰਤੋਂ ਕਰਦੇ ਹੋਏ ਡਰਾਈਵਿੰਗ ਨਾ ਕਰਨ ਲਈ ਵੀ ਜਾਗਰੂਕ ਕੀਤਾ।