ਕਰੋੜਾਂ ਦੀ ਹੈਰੋਇਨ ਸਮੇਤ ਦੋ ਤਸਕਰ ਕਾਬੂ
ਐੱਸਟੀਐੱਫ ਯੂਨਿਟ ਰੇਂਜ ਫਿਰੋਜ਼ਪੁਰ ਅਤੇ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਵਲੋਂ ਦੋ ਕਥਿਤ ਤਸਕਰਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ।
Publish Date: Wed, 05 Jun 2019 04:56 PM (IST)
Updated Date: Wed, 05 Jun 2019 08:04 PM (IST)
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਐੱਸਟੀਐੱਫ ਯੂਨਿਟ ਰੇਂਜ ਫਿਰੋਜ਼ਪੁਰ ਅਤੇ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਵਲੋਂ ਦੋ ਕਥਿਤ ਤਸਕਰਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ। ਪੁਲਿਸ ਮੁਤਾਬਕ ਉਕਤ ਫੜੇ ਗਏ ਦੋਵੇਂ ਕਥਿਤ ਤਸਕਰਾਂ ਵਿਰੁੱਧ ਥਾਣਾ ਮਮਦੋਟ ਅਤੇ ਥਾਣਾ ਕੈਂਟ ਫਿਰੋਜ਼ਪੁਰ ਦੇ ਵਲੋਂ ਮੁਕੱਦਮੇ ਦਰਜ ਕਰ ਲਏ ਗਏ ਹਨ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਟੀਐੱਫ ਯੂਨਿਟ ਰੇਂਜ ਫਿਰੋਜ਼ਪੁਰ ਦੇ ਸਬਇੰਸਪੈਕਟਰ ਗੁਰਲਾਲ ਸਿੰਘ ਦੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਪਿੰਡ ਭੰਬਾ ਹਾਜੀ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਨੇ ਸੂਚਿਤ ਕੀਤਾ ਕਿ ਸ਼ਾਮ ਸਿੰਘ ਨਾਂ ਦਾ ਵਿਅਕਤੀ ਨੇੜਲੇ ਪਿੰਡਾਂ ਵਿਚ ਹੈਰੋਇਨ ਸਪਲਾਈ ਕਰਦਾ ਹੈ,ਜੋ ਹੁਣ ਵੀ ਪੁਲ ਸੂਆ ਤੋਂ ਆ ਰਿਹਾ ਹੈ। ਐੱਸਟੀਐੱਫ ਨੇ ਦੱਸਿਆ ਕਿ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 250 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਹੈ। ਇਸੇ ਤਰ੍ਹਾਂ ਥਾਣਾ ਕੈਂਟ ਫਿਰੋਜ਼ਪੁਰ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਬੀਤੇ ਕੱਲ੍ਹ ਆਪਣੀ ਪੁਲਿਸ ਪਾਰਟੀ ਸਮੇਤ ਕੈਂਟ ਫਿਰੋਜ਼ਪੁਰ ਵਿਖੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲੈ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਸ਼ੱਕ ਦੇ ਤਹਿਤ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਮੁਤਾਬਕ ਫੜੇ ਗਏ ਵਿਅਕਤੀ ਦੀ ਪਛਾਣ ਸੁਰਿੰਦਰ ਸਿੰਘ ਉਰਫ ਸ਼ਿੰਦਾ ਪੁੱਤਰ ਕੁਲਬੀਰ ਸਿੰਘ ਵਾਸੀ ਘੁਮਿਆਰੀ ਵਾਲਾ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਸੁਰਿੰਦਰ ਸਿੰਘ ਅਤੇ ਸ਼ਾਮ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਭੰਬਾ ਹਾਜੀ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।